ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲਹਿਰਾਇਆ ਕੌਮੀ ਝੰਡਾ

ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲਹਿਰਾਇਆ ਕੌਮੀ ਝੰਡਾ

ਹੁਸ਼ਿਆਰਪੁਰ (ਇਕਬਾਲ ਸਿੰਘ ਘੁੰਮਣ) : ਪੰਜਾਬ ਦੇ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਨੇ 74ਵੇਂ ਗਣਤੰਤਰ ਦਿਵਸ ’ਤੇ ਪੁਲਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਅਤੇ ਪਰੇਡ ਕਮਾਂਡਰ ਡੀ.ਐਸ.ਪੀ ਕੁਲਵੰਤ ਸਿੰਘ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਸ਼ਾਨਦਾਰ ਪੀ.ਟੀ. ਸ਼ੋਅ, ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਇਸ ਦੌਰਾਨ ਮੁੱਖ ਮਹਿਮਾਨ ਨੇ ਜਿਥੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਲੜੇ ਲੰਬੇ ਸੰਘਰਸ਼ ਵਿਚ ਆਪਣੀਆਂ ਜਾਨਾਂ ਵਾਰਨ ਵਾਲੇ ਹਜ਼ਾਰਾਂ ਦੇਸ਼ ਭਗਤਾਂ ਸੂਰਬੀਰਾਂ ਨੂੰ ਆਪਣਾ ਸਨਮਾਨ ਭੇਟ ਕੀਤਾ, ਉਥੇ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਆਏ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ।

PunjabKesari

ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਡਾ. ਰਵਜੋਤ ਸਿੰਘ, ਜਸਵੀਰ ਸਿੰਘ ਰਾਜਾ ਗਿੱਲ ਤੇ ਕਰਮਵੀਰ ਸਿੰਘ ਘੁੰਮਣ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਤੋਂ ਪਹਿਲਾਂ ਜ਼ਿਲ੍ਹੇ ਵਿਚ ਪਹੁੰਚਣ ’ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਚ ਪੁਲਸ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਵੱਖ-ਵੱਖ ਧਰਮਾਂ, ਜਾਤਾਂ ਤੇ ਸਭਿਆਚਾਰ ਵਾਲੇ ਦੇਸ਼ ਨੂੰ ਇਕ ਮਾਲਾ ਵਿਚ ਪਰੋਇਆ ਹੈ, ਜਿਸ ਦੇ ਚੱਲਦਿਆਂ ਅੱਜ ਸਾਡੇ ਦੇਸ਼ ਨੂੰ ਅਨੇਕਤਾ ਵਿਚ ਏਕਤਾ ਦੀ ਖੁਬਸੂਰਤ ਮਿਸਾਲ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਸਭ ਤੋਂ ਵੱਧ ਪੰਜਾਬੀਆਂ ਦਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਹੇ 15 ਅਗਸਤ 1947 ਨੂੰ ਦੇਸ਼ ਆਜ਼ਾਦ ਹੋ ਗਿਆ ਸੀ, ਪਰੰਤੂ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਹੀ ਸਾਡਾ ਦੇਸ਼ ਗਣਰਾਜ ਬਣਿਆ। ਉਨ੍ਹਾਂ ਕਿਹਾ ਕਿ ਭਾਈ ਮਹਾਰਾਜ ਸਿੰਘ, ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਸੁਖਦੇਵ, ਰਾਜਗੁਰੂ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ ਤੇ ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੇ ਸੈਂਕੜੇ ਇਸ ਤਰ੍ਹਾਂ ਦੇ ਯੋਧੇ ਸਨ, ਜਿਨ੍ਹਾਂ ਦੀਆਂ ਸ਼ਹੀਦੀਆਂ ਨੇ ਆਜ਼ਾਦ ਭਾਰਤ ਦਾ ਇਤਿਹਾਸ ਰਚਿਆ ਹੈ। ਉਨ੍ਹਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸਾਥੀ ਰਹੇ ਹੁਸ਼ਿਆਰਪੁਰ ਦੇ ਆਜ਼ਾਦੀ ਘੁਲਾਟੀਏ ਪੰਡਿਤ ਕਿਸ਼ੋਰੀ ਲਾਲ ਤੇ ਗਦਰ ਲਹਿਰ ਦੇ ਬਾਬੂ ਮੰਗੂ ਰਾਮ ਮੁਗੋਵਾਲਿਆ ਨੂੰ ਵਿਸ਼ੇਸ਼ ਤੌਰ ’ਤੇ ਯਾਦ ਕੀਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਅਮਨ-ਕਾਨੂੰਨ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਬਪੱਖੀ ਵਿਕਾਸ, ਸਿਹਤ, ਨਿਵੇਸ਼ ਪੱਖੀ ਮਾਹੌਲ ਬਣਾਉਣ ਅਤੇ ਉਦਯੋਗਿਕ ਖੇਤਰ ਵਿਚ ਬੜਾਵਾ ਦੇਣ ਵਿਚ ਆਪਣੀ ਵੱਖਰੀ ਪਹਿਚਾਨ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਾੜੀ ਅਤੇ ਸਾਉਣੀ ਸੀਜ਼ਨ ਵਿਚ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਫ਼ਸਲ ਦੀ ਖਰੀਦ ਕਰਕੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧਾ ਭੁਗਤਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਪੰਜਾਬ ਸਰਕਾਰ ਵਲੋਂ ਕ੍ਰਾਂਤੀਕਾਰੀ ਕਦਮ ਉਠਾਉਂਦੇ ਹੋਏ ਜਿਥੇ ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਉਥੇ ਸਿੱਖਿਆ ਦੇ ਖੇਤਰ ਵਿਚ ਵੀ ਨਵੀਂਆਂ ਬੁਲੰਦੀਆਂ ਹਾਸਲ ਕੀਤੀਆਂ ਗਈਆਂ ਹਨ।

ਹੁਸ਼ਿਆਰਪੁਰ ਜ਼ਿਲ੍ਹੇ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪਹਿਲਾਂ ਹੀ 8 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ, ਜਿਸ ਵਿਚ ਹੁਣ ਤੱਕ 70 ਹਜ਼ਾਰ ਤੋਂ ਵੱਧ ਮਰੀਜਾਂ ਦੀ ਜਾਂਚ ਅਤੇ 7 ਹਜ਼ਾਰ ਤੋਂ ਵੱਧ ਲੈਬ ਟੈਸਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਜ਼ਿਲ੍ਹੇ ਵਿਚ 35 ਨਵੇਂ ਹੋਰ ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਇਸ ਤਰ੍ਹਾਂ ਜ਼ਿਲ੍ਹੇ ਵਿਚ 418.30 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ਤਹਿਤ ਇਕ ਮੈਡੀਕਲ ਕਾਲਜ ਤੇ 500 ਬਿਸਤਰਿਆਂ ਵਾਲਾ ਵੱਡਾ ਹਸਪਤਾਲ ਖੋਲਿ੍ਹਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡ ਬਜਵਾੜਾ ਵਿਚ 23 ਕਰੋੜ ਰੁਪਏ ਦੀ ਲਾਗਤ ਨਾਲ ਸਰਦਾਰ ਬਹਾਦੁਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪ੍ਰੇਟਰੀ ਇੰਸਟੀਚਿਊਟ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡ ਮੁਖਲਿਆਣਾ ਵਿਖੇ 13.44 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਕਾਲਜ ਦੀ ਉਸਾਰੀ ਕੀਤੀ HB ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਇਤਿਹਾਸਕ ਪਿੰਡ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ 84.13 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ ਦੀ ਉਸਾਰੀ ਕੀਤੀ ਜਾ ਰਹੀ ਹੈ।
  PunjabKesari

ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂਹੰਦ ਅਤੇ ਸੁਚੱਜੇ ਪ੍ਰਬੰਧਨ ਹੇਠ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਇਸ ਸਾਲ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿਚ ਪਿਛਲੇ ਸਾਲ ਨਾਲੋਂ ਕਰੀਬ 21 ਫੀਸਦੀ ਕਮੀ ਆਈ ਹੈ। ਇਸ ਤੋਂ ਇਲਾਵਾ ਬੇਰੋਜ਼ਗਾਰ ਨੌਵਜਾਨਾਂ ਨੂੰ ਪੈਰ੍ਹਾਂ ’ਤੇ ਖੜ੍ਹਾ ਕਰਨ ਲਈ ਪੰਜਾਬ ਸਰਕਾਰ ਦੇ ਰੋਜ਼ਗਾਰ ਵਿਭਾਗ ਵਲੋਂ ਮਿਸਾਲੀ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੰਢੀ ਖੇਤਰ ਦੇ ਪਿੰਡਾਂ ਨੂੰ ਸੁਚਾਰੂ ਢੰਗ ਨਾਲ ਪਾਣੀ ਮੁਹੱਈਆ ਕਰਵਾਉਣ ਲਈ ਜਲ ਜੀਵਨ ਮਿਸ਼ਨ ਅਤੇ ਨਾਬਾਰਡ ਅਧੀਨ 227 ਕਰੋੜ ਰੁਪਏ ਦੀ ਲਾਗਤ ਨਾਲ ਸਰਫੇਸ ਵਾਟਰ ਪ੍ਰੋਜੈਕਟ ਦੀ ਸਥਾਪਨਾ ਕੀਤੀ ਜਾ ਰਹੀ ਹੈ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਇਸ ਨਾਲ ਜ਼ਿਲ੍ਹੇ ਦੇ 197 ਪਿੰਡਾਂ ਨੂੰ ਲਾਭ ਪਹੁੰਚਾਇਆ ਜਾਵੇਗਾ।

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਟਰਾਈ ਸਾਈਕਲ ਤੇ ਵੀਲ੍ਹ ਚੇਅਰਜ਼ ਸੌਂਪੀਆਂ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ। ਇਸ ਦੌਰਾਨ ਜ਼ਿਲ੍ਹਾ ਪੁਲਿਸ, ਪੀ.ਆਰ.ਟੀ.ਸੀ. ਜਹਾਨਖੇਲਾਂ, ਜ਼ਿਲ੍ਹਾ ਮਹਿਲਾ ਪੁਲਿਸ, ਪੀ.ਆਰ.ਟੀ.ਸੀ. ਮਹਿਲਾ ਜਹਾਨਖੇਲਾਂ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ, ਗਰਲਜ਼ ਗਾਈਡ, ਬੁਆਏਜ਼ ਸਕਾਊਟਸ ਤੇ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਬੈਂਡ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਸਲਾਮੀ ਦਿੱਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਵੀ ਸੌਂਪਿਆ ਗਿਆ।

Credit : www.jagbani.com

  • TODAY TOP NEWS