
ਅਮਨ ਅਰੋੜਾ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਅਤੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਵਾਲੀ ਕਮੇਟੀ ਦੇ ਹੋਰ ਮੈਂਬਰਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਸੰਨ 1950 'ਚ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਕੈਬਨਿਟ ਮੰਤਰੀ ਨੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਮਾਨ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਸੱਤਾ ਸੰਭਾਲਣ ਤੋਂ ਬਾਅਦ ਮਹਿਜ਼ 10 ਮਹੀਨਿਆਂ ਵਿੱਚ 26000 ਦੇ ਕਰੀਬ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ ਅਤੇ ਤਕਰੀਬਨ 9000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਭਲਕੇ 400 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 500 ਹੋ ਜਾਵੇਗੀ। ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ ਅਤੇ ਸੂਬੇ ਵਿੱਚ 90 ਫੀਸਦੀ ਤੋਂ ਵੱਧ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਸੂਬਾ ਸਰਕਾਰ ਨੇ ਬੱਚਿਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਵਾਸਤੇ 'ਸਕੂਲ ਆਫ਼ ਐਮੀਨੈਂਸ' ਪ੍ਰੋਜੈਕਟ ਸ਼ੁਰੂ ਕੀਤਾ ਹੈ, ਜਿਸ ਤਹਿਤ ਸੂਬੇ ਭਰ ਵਿੱਚ 117 ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।



ਸਮਾਗਮ ਦੌਰਾਨ ਕੈਬਨਿਟ ਮੰਤਰੀ ਵੱਲੋਂ ਪਿੰਡ ਝੱਜੋਂ ਦੇ ਅਜ਼ਾਦੀ ਘੁਲਾਟੀਆਂ ਗੁਰਦੀਪ ਸਿੰਘ ਅਤੇ ਸਵਰਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਪਿੰਡ ਬਾਸਮਾਂ ਦੇ ਆਜ਼ਾਦੀ ਘੁਲਾਟੀਏ ਕੇਹਰ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਅਮਨ ਅਰੋੜਾ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ, ਡੀਆਈਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐੱਸਐੱਸਪੀ ਡਾ. ਸੰਦੀਪ ਕੁਮਾਰ ਗਰਗ, ਕਮਿਸ਼ਨਰ ਨਗਰ ਨਿਗਮ ਨਵਜੋਤ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Credit : www.jagbani.com