ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ, ਉਲੰਘਣਾ ਕਰਨ 'ਤੇ ਹੋਵੇਗੀ ਵੱਡੀ ਕਾਰਵਾਈ

ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ, ਉਲੰਘਣਾ ਕਰਨ 'ਤੇ ਹੋਵੇਗੀ ਵੱਡੀ ਕਾਰਵਾਈ

ਜਲੰਧਰ : ਉਪ ਮੰਡਲ ਮੈਜਿਸਟਰੇਟ ਬਲਬੀਰ ਰਾਜ ਵਲੋਂ ਸਕੂਲ ਬੱਸਾਂ ਰਾਹੀਂ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਤਹਿਤ ‘ਸੇਫ ਸਕੂਲ ਵਾਹਨ’ ਯੋਜਨਾ ਤਹਿਤ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਪ ਮੰਡਲ ਮੈਜਿਸਟਰੇਟ ਬਲਬੀਰ ਰਾਜ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਪਾਬੰਦ ਹੈ। ਉਨ੍ਹਾਂ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਕੂਲ ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ ਨੂੰ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੱਸਾਂ ਦੇ ਫਿਟਨੈਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ, ਇੰਸ਼ੋਰੈਂਸ, ਸਪੀਡ ਗਵਰਨਰ, ਡਰਾਈਵਰ ਤੇ ਹੈਲਪਰ ਦੀ ਵਰਦੀ ਆਦਿ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਨੂੰ ਪੂਰਾ ਰੱਖਿਆ ਜਾਵੇ। 

ਉਪ ਮੰਡਲ ਮੈਜਿਸਟਰੇਟ ਨੇ ਇਹ ਵੀ ਹਦਾਇਤ ਕੀਤੀ ਕਿ ਸੇਫ ਸਕੂਲ ਵਾਹਨ ਸਕੀਮ ਤਹਿਤ ਨਿਯਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਕੂਲ ਬੱਸਾਂ ਦੇ ਸਾਹਮਣੇ ਸਕੂਲ ਬੱਸ ਜ਼ਰੂਰ ਲਿਖਿਆ ਜਾਵੇ ਅਤੇ ਡਰਾਈਵਰ ਪਾਸ ਹੈਵੀ ਲਾਇਸੰਸ ਲਾਜ਼ਮੀ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਮਰੱਥਾ ਤੋਂ ਵੱਧ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਵਿੱਚ ਨਾ ਬੈਠਾਇਆ ਜਾਵੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ’ਤੇ ਜਿਥੇ ਭਾਰੀ ਜੁਰਮਾਨੇ ਕੀਤੇ ਜਾਣਗੇ, ਉਥੇ ਹੀ ਸਕੂਲ ਬੱਸਾਂ ਨੂੰ ਜ਼ਬਤ ਵੀ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲ ਬੱਸਾਂ ਦੀ ਵਿਆਪਕ ਜਾਂਚ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਭਵਿਖ ਵਿੱਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਗਿਆ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS