ਭਾਰਤ-ਪਾਕਿਸਤਾਨ ਸਰਹੱਦ ਨੇੜ੍ਹਿਓਂ ਕਰੋੜਾਂ ਦੀ ਹੈਰੋਇਨ ਤੇ ਡਰੋਨ ਸਣੇ ਇਕ ਤਸਕਰ ਗ੍ਰਿਫ਼ਤਾਰ

ਭਾਰਤ-ਪਾਕਿਸਤਾਨ ਸਰਹੱਦ ਨੇੜ੍ਹਿਓਂ ਕਰੋੜਾਂ ਦੀ ਹੈਰੋਇਨ ਤੇ ਡਰੋਨ ਸਣੇ ਇਕ ਤਸਕਰ ਗ੍ਰਿਫ਼ਤਾਰ

ਤਰਨਤਾਰਨ- ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜ੍ਹਿਓਂ ਥਾਣਾ ਖਾਲੜਾ ਦੀ ਪੁਲਸ ਨੇ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਇਕ ਵੱਡੇ ਡਰੋਨ ਨਾਲ ਇਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪੁਲਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਦੋ ਹੋਰ ਤਸਕਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 16 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ ਜਦਕਿ ਬਰਾਮਦ ਕੀਤੇ ਗਏ ਡਰੋਨ ਦੀ ਕੀਮਤ 25 ਤੋਂ 30 ਲੱਖ ਰੁਪਏ ਦੱਸੀ ਜਾ ਰਹੀ ਹੈ।

PunjabKesari

ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ. ਐੱਸ. ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਖਾਲੜਾ ਦੇ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਸ਼ਰਮਾ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਨਜ਼ਦੀਕ ਮਾੜੀ ਕੰਬੋਕੇ ਵਿਖੇ ਤਿੰਨ ਵਿਅਕਤੀ ਜਿਨ੍ਹਾਂ ਦੇ ਹੱਥ ਵਿਚ ਡਰੋਨ ਅਤੇ ਕਾਲੇ ਰੰਗ ਦਾ ਪੈਕੇਟ ਮੌਜੂਦ ਸੀ, ਪੁਲਸ ਪਾਰਟੀ ਨੂੰ ਵੇਖ ਮੌਕੇ ਤੋਂ ਭੱਜਣ ਲੱਗੇ ਸਨ। ਇਸ ਦੌਰਾਨ ਪੁਲਸ ਪਾਰਟੀ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਰਾਣਾ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਪਿੰਡ ਡੱਲ ਨੂੰ ਕਾਬੂ ਕਰਦੇ ਹੋਏ ਉਸ ਪਾਸੋਂ ਇਕ ਵੱਡਾ ਡਰੋਨ ਅਤੇ 3 ਕਿਲੋ 166 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। 

ਐੱਸ. ਐੱਸ. ਪੀ. ਨੇ ਦੱਸਿਆ ਕਿ ਸ਼ੁਰੂਆਤੀ ਪੁੱਛਗਿੱਛ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਰਾਣਾ ਸਿੰਘ ਆਪਣੇ ਫਰਾਰ ਸਾਥੀ ਲਵਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਡੱਲ ਅਤੇ ਅਰਸ਼ਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਡੱਲ ਨਾਲ ਮਿਲ ਕੇ ਪਾਕਿਸਤਾਨ ਵਿਚ ਮੌਜੂਦ ਸਮੱਗਲਰਾਂ ਨਾਲ ਸੰਪਰਕ ਬਣਾਉਂਦੇ ਹੋਏ ਹੈਰੋਇਨ ਦੀਆਂ ਖੇਪਾਂ ਮੰਗਵਾ ਰਹੇ ਸਨ। ਉਨ੍ਹਾਂ ਦੱਸਿਆ ਕਿ ਰਾਣਾ ਸਿੰਘ ਨੂੰ ਗ੍ਰਿਫ਼ਤਾਰ ਕਰਦੇ ਹੋਏ ਇਨ੍ਹਾਂ ਖ਼ਿਲਾਫ਼ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ ਕਿ ਉਕਤ ਮੁਲਜ਼ਮ ਕਿੰਨੇ ਸਮੇਂ ਤੋਂ ਕਿੰਨੀਆਂ ਹੈਰੋਇਨ ਆਦਿ ਦੀਆਂ ਖੇਪਾਂ ਮੰਗਵਾਉਣ ਵਿਚ ਸਫ਼ਲ ਰਹੇ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS