ਚੰਡੀਗੜ੍ਹ : ਪੰਜਾਬ 'ਚ ਫਿਲਹਾਲ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਦੇ ਮੁਤਾਬਕ ਅਗਲੇ 48 ਘੰਟਿਆਂ ਦੌਰਾਨ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਅਸਮਾਨੋਂ ਇਕ ਵਾਰ ਫਿਰ ਅੱਗ ਵਰ੍ਹੇਗੀ ਅਤੇ ਸੂਰਜ ਦੀ ਤਪਿਸ਼ ਕਾਰਨ ਲੋਕਾਂ ਨੂੰ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਦੇ ਮੁਤਾਬਕ 19 ਅਤੇ 20 ਜੁਲਾਈ ਨੂੰ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਜਦੋਂ ਕਿ ਇਸ ਤੋਂ ਬਾਅਦ ਮੌਸਮ ਫਿਰ ਬਦਲਣ ਵਾਲਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ 21 ਅਤੇ 22 ਜੁਲਾਈ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈ ਸਕਦਾ ਹੈ। ਇਨ੍ਹਾਂ ਤਾਰੀਖ਼ਾਂ ਨੂੰ ਪਠਾਨਕੋਟ, ਰੂਪਨਗਰ, ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ ਅਤੇ ਬਰਨਾਲਾ ਜ਼ਿਲ੍ਹਿਆਂ 'ਚ ਹਨ੍ਹੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਤੋਂ ਬਾਅਦ 23 ਅਤੇ 24 ਜੁਲਾਈ ਨੂੰ ਮੌਸਮ ਫਿਰ ਖ਼ੁਸ਼ਕ ਰਹੇਗਾ ਅਤੇ ਇਨ੍ਹਾਂ ਦਿਨਾਂ ਲਈ ਕਿਸੇ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਪੂਰੇ ਸੂਬੇ 'ਚ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.2 ਡਿਗਰੀ ਘੱਟ ਸੀ। ਬਠਿੰਡਾ ਹਵਾਈ ਅੱਡੇ 'ਤੇ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ 'ਚ ਤਾਪਮਾਨ 32.2 ਡਿਗਰੀ ਸੀ, ਜੋ ਕਿ ਆਮ ਨਾਲੋਂ 2.5 ਡਿਗਰੀ ਘੱਟ ਸੀ। ਲੁਧਿਆਣਾ 'ਚ ਵੱਧ ਤੋਂ ਵੱਧ ਤਾਪਮਾਨ 30.8 ਡਿਗਰੀ ਅਤੇ ਪਟਿਆਲਾ 'ਚ 32.7 ਡਿਗਰੀ ਦਰਜ ਕੀਤਾ ਗਿਆ। ਮੀਂਹ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ 'ਚ 13.2 ਮਿਲੀਮੀਟਰ ਅਤੇ ਚੰਡੀਗੜ੍ਹ 'ਚ 1.1 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਬਾਕੀ ਜ਼ਿਲ੍ਹਿਆਂ 'ਚ ਨਾਮਾਤਰ ਮੀਂਹ ਪਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com