ਚੰਡੀਗੜ੍ਹ/ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ ਹੈ। ਆਪਣੀ ਸਰਕਾਰੀ ਰਿਹਾਇਸ਼ ’ਤੇ ਸ਼ਹੀਦੀ ਦਿਹਾੜੇ ਮੌਕੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਅਦੁੱਤੀ ਸ਼ਹਾਦਤ ਦੀ ਇਤਿਹਾਸਕ ਸ਼ਤਾਬਦੀ ਮੌਕੇ ਸਰਕਾਰ ਵਿਆਪਕ ਪੱਧਰ ’ਤੇ ਯਾਦਗਾਰੀ ਸਮਾਗਮ ਕਰਵਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਭਰ ’ਚ 19 ਨਵੰਬਰ ਤੋਂ 25 ਨਵੰਬਰ ਤੱਕ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਲੜੀਵਾਰ ਸਮਾਗਮ ਕਰਵਾਏ ਜਾਣਗੇ। ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਮੁੱਖ ਕੇਂਦਰ ਹੋਵੇਗੀ। ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਦੀਆਂ ਚਾਰ ਦਿਸ਼ਾਵਾਂ ਤੋਂ ਯਾਤਰਾਵਾਂ ਕੱਢੀਆਂ ਜਾਣਗੀਆਂ, ਜਿਨ੍ਹਾਂ ਦੀ ਸਮਾਪਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ। 21 ਨਵੰਬਰ ਤੋਂ ਸ੍ਰੀਨਗਰ (ਜੰਮੂ-ਕਸ਼ਮੀਰ) ਦੀ ਇਤਿਹਾਸਕ ਧਰਤੀ ਤੋਂ ਯਾਤਰਾ ਕੱਢੀ ਜਾਵੇਗੀ, ਜੋ ਪਠਾਨਕੋਟ ਅਤੇ ਹੁਸ਼ਿਆਰਪੁਰ ਤੋਂ ਲੰਘਦੀ ਹੋਈ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗੀ।
ਦੂਜੀ ਯਾਤਰਾ ਗੁਰਦਾਸਪੁਰ ਤੋਂ ਕੱਢੀ ਜਾਵੇਗੀ, ਜੋ ਬਾਬਾ ਬਕਾਲਾ, ਅੰਮ੍ਰਿਤਸਰ, ਤਰਨਤਾਰਨ ਅਤੇ ਜਲੰਧਰ ਤੋਂ ਲੰਘਦੀ ਹੋਈ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗੀ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਤੀਜੀ ਯਾਤਰਾ ਫ਼ਿਰੋਜ਼ਪੁਰ ਤੋਂ ਕੱਢੀ ਜਾਵੇਗੀ, ਜੋ ਮੋਗਾ ਤੇ ਲੁਧਿਆਣਾ ਤੋਂ ਲੰਘਦੀ ਹੋਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਚੌਥੀ ਯਾਤਰਾ ਵੀ ਫ਼ਿਰੋਜ਼ਪੁਰ ਤੋਂ ਕੱਢੀ ਜਾਵੇਗੀ, ਜੋ ਫ਼ਰੀਦਕੋਟ, ਬਠਿੰਡਾ, ਬਰਨਾਲਾ, ਸੰਗਰੂਰ, ਮਾਨਸਾ ਅਤੇ ਪਟਿਆਲਾ ਦੇ ਇਤਿਹਾਸਕ ਨਗਰਾਂ ਤੋਂ ਹੁੰਦੀ ਹੋਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਫਲਸਫ਼ੇ ਦੇ ਪਸਾਰ ਲਈ ਸੂਬੇ ਦੇ 23 ਜ਼ਿਲ੍ਹਿਆਂ ’ਚ ਗੁਰੂ ਸਾਹਿਬ ਦੇ ਜੀਵਨ ਅਤੇ ਲਾਮਿਸਾਲ ਕੁਰਬਾਨੀ ’ਤੇ ਆਧਾਰਤ ਲਾਈਟ ਐਂਡ ਸਾਊਂਡ ਸ਼ੋਅ ਅਤੇ ਕਵੀ ਦਰਬਾਰ ਕਰਵਾਏ ਜਾਣਗੇ। ਸੂਬੇ ਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ ’ਚ ਗੁਰੂ ਸਾਹਿਬ ਜੀ ਦੇ ਜੀਵਨ, ਦਰਸ਼ਨ ਅਤੇ ਸ਼ਹਾਦਤ ’ਤੇ ਕੇਂਦਰਿਤ ਵਿਸ਼ੇਸ਼ ਸੈਮੀਨਾਰ ਤੇ ਵਿਚਾਰ-ਗੋਸ਼ਟੀਆਂ ਕਰਵਾਈਆਂ ਜਾਣਗੀਆਂ।
ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਹੋਣਗੇ ਅਤੇ 25 ਨਵੰਬਰ, 2025 ਨੂੰ ਸਮਾਪਤੀ ਹੋਵੇਗੀ। ਤਿੰਨ ਦਿਨਾਂ ਲੜੀਵਾਰ ਸਮਾਗਮਾਂ ’ਚ ਅੰਤਰ-ਧਰਮ ਸੰਮੇਲਨ (ਇੰਟਰਫੇਥ ਕਾਨਫਰੰਸ) ਵੀ ਕਰਵਾਇਆ ਜਾਵੇਗਾ, ਜਿਸ ਦਾ ਮਨੋਰਥ ਵੱਖ-ਵੱਖ ਧਰਮਾਂ ਦਰਮਿਆਨ ਸਦਭਾਵਨਾ ਦਾ ਸੰਦੇਸ਼ ਫੈਲਾਉਣਾ ਹੈ। ਹਰੇਕ ਸ਼ਾਮ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ, ਜਿਸ ਦੌਰਾਨ ਪ੍ਰਸਿੱਧ ਰਾਗੀ ਜੱਥੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਨਿਹੰਗ ਸਿੰਘਾਂ ਵੱਲੋਂ ਰਵਾਇਤੀ ਜੰਗਜੂ ਕਲਾ ਗੱਤਕਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾਵੇਗਾ। ਯਾਦਗਾਰੀ ਸਮਾਗਮਾਂ ਦੌਰਾਨ ਸ਼ਹਿਰਾਂ ਦੀ ਸੁੰਦਰਤਾ ਅਤੇ ਸ਼ਰਧਾਲੂਆਂ ਲਈ ਵਿਸ਼ੇਸ਼ ਇੰਤਜ਼ਾਮ ਹੋਣਗੇ। ਦੇਸ਼-ਵਿਦੇਸ਼ ਤੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੇ ਸਵਾਗਤ ਤੇ ਸਹੂਲਤ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੜਕਾਂ ਦੀ ਮੁਰੰਮਤ, ਇਮਾਰਤਾਂ ਦੀ ਪੇਂਟਿੰਗ ਅਤੇ ਪੂਰੇ ਸ਼ਹਿਰ ’ਚ ਰੌਸ਼ਨੀ ਕਰਨ ਲਈ ਵਿਸ਼ੇਸ਼ ਬੰਦੋਬਸਤ ਕੀਤੇ ਜਾਣਗੇ। ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਸਥਾਨਾਂ ਦੀ ਸੰਭਾਲ, ਮੁਰੰਮਤ ਤੇ ਨਵੀਨੀਕਰਨ ਲਈ ਸਬੰਧਤ ਵਿਭਾਗਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਇਸ ਮੌਕੇ ਸਿੱਖਿਆ, ਸੂਚਨਾ ਤੇ ਲੋਕ ਸੰਪਰਕ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ., ਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ ਤੇ ਹੋਰ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com