ਚੰਡੀਗੜ੍ਹ/ਜਲੰਧਰ-ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ’ਚ ਸਿੱਖਿਆ ਦੀ ਗੁਣਵੱਤਾ ਅਤੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਇਕ ਵਿਲੱਖਣ ਕੋਸ਼ਿਸ਼ ਤਹਿਤ ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡੀ. ਆਈ. ਈ. ਟੀ),ਸੰਗਰੂਰ ਵਿਖੇ ਅਧਿਆਪਕਾਂ ਨਾਲ ਸੰਵਾਦ ਰਾਹੀਂ ਅਧਿਆਪਕਾਂ ਤੋਂ ਸੁਝਾਅ ਅਤੇ ਫੀਡਬੈਕ ਲਈ। ਹਰਜੋਤ ਸਿੰਘ ਬੈਂਸ ਨੇ ਸ਼ਨੀਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਸਕੂਲ ਮੁਖੀਆਂ ਨਾਲ ਵਿਸ਼ੇਸ਼ ਸੰਵਾਦ ਕਰਦਿਆਂ ਉਨ੍ਹਾਂ ਤੋਂ ਕੀਮਤੀ ਸੁਝਾਅ ਲਏ ਤਾਂ ਜੋ ਸਿੱਖਿਆ ਦੀ ਗੁਣਵੱਤਾ ਅਤੇ ਸਕੂਲਾਂ ਦੀਆਂ ਢਾਂਚਾਗਤ ਸੁਵਿਧਾਵਾਂ ’ਚ ਹੋਰ ਸੁਧਾਰ ਲਿਆਂਦਾ ਜਾ ਸਕੇ।
ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਵਿਸ਼ਵ ਪੱਧਰ ’ਤੇ ਮਾਨਤਾ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਨਤੀਜਾ ਮੁੱਖੀ ਹੈ ਨਾ ਕਿ ਸਿਰਫ਼ ਦਿਖਾਵਟ ਵਾਲੀ ਹੈ। ਉਨ੍ਹਾਂ ਨੇ ਅਧਿਆਪਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਦਾ ਪੂਰਾ ਭਰੋਸਾ ਦਿਵਾਇਆ ਅਤੇ 400 ਕਰੋੜ ਰੁਪਏ ਦੀ ਲਾਗਤ ਨਾਲ ਕੰਪਿਊਟਰ ਲੈਬਾਂ ਦਾ ਨਵੀਨੀਕਰਨ ਕਰਨ ਦੀ ਯੋਜਨਾ ਦਾ ਐਲਾਨ ਕੀਤਾ। ਸਕੂਲਾਂ ’ਚ ਇੰਟਰਐਕਟਿਵ ਪੈਨਲ ਲਗਾਏ ਜਾ ਰਹੇ ਹਨ ਅਤੇ ਅਧਿਆਪਕਾਂ ਦੇ ਤੀਜੇ ਬੈਚ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾਵੇਗਾ, ਜਿਸ ਸਬੰਧੀ ਚੋਣ ਸਿਰਫ਼ ਮੈਰਿਟ ਅਧਾਰਤ ਹੋਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਲੈਕਚਰਾਰਾਂ ਦੀ ਤਰੱਕੀ, 400 ਨਵੇਂ ਪ੍ਰਿੰਸੀਪਲਾਂ ਦੀ ਨਿਯੁਕਤੀ ਅਤੇ ਸਕੂਲਾਂ ’ਚ ਬੈਠਣ ਅਤੇ ਸਫ਼ਾਈ ਦੀਆਂ ਸੁਵਿਧਾਵਾਂ ’ਚ ਸੁਧਾਰ ਵਰਗੀਆਂ ਕਈ ਪਹਿਲ-ਕਦਮੀਆਂ ਕੀਤੀਆਂ ਗਈਆਂ ਹਨ। ਨੈਸ਼ਨਲ ਅਚੀਵਮੈਂਟ ਸਰਵੇ (ਐੱਨ. ਏ. ਐੱਸ) 2024 ’ਚ ਪੰਜਾਬ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਰਾਸ਼ਟਰੀ ਪੱਧਰ 'ਤੇ ਆਪਣੀ ਸਥਿਤੀ ਮਜ਼ਬੂਤ ਕੀਤੀ ਹੈ। ਸਰਕਾਰੀ ਸਕੂਲਾਂ ਦੇ 845 ਵਿਦਿਆਰਥੀਆਂ ਨੇ ਐੱਨ. ਈ. ਈ. ਟੀ. (ਨੈਸ਼ਨਲ ਐਲਿਜੀਬਿਲਟੀ ਕਮ ਐਂਟ੍ਰੈਂਸ ਟੈਸਟ) ’ਚ ਕਾਮਯਾਬੀ ਹਾਸਲ ਕੀਤੀ ਹੈ ਅਤੇ 265 ਵਿਦਿਆਰਥੀਆਂ ਨੇ ਜੇ. ਈ. ਈ. ਮੇਨਜ਼ (ਜੁਆਇੰਟ ਐਂਟ੍ਰੈਂਸ ਐਗਜ਼ਾਮੀਨੇਸ਼ਨ ਮੇਨਜ਼) ਕਲੀਅਰ ਕਰਕੇ ਸਕੂਲ ਸਿੱਖਿਆ ਵਿਭਾਗ ਦੀ ਅਕਾਦਮਿਕ ਉੱਤਮਤਾ ਬਾਬਤ ਵਚਨਬੱਧਤਾ ਸਾਬਤ ਕੀਤੀ ਹੈ। ਅਧਿਆਪਕਾਂ ਨੂੰ ਵਧਾਈ ਦਿੰਦੇ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈੱਸ ਅਤੇ ਸਕੂਲ ਆਫ਼ ਬ੍ਰਿਲੀਆਂਸ ਵਰਗੀਆਂ ਪਹਿਲਾਂ ਦੀ ਸ਼ੁਰੂਆਤ ਕੀਤੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com