ਹੜ੍ਹ ਪੀੜ੍ਹਤਾਂ ਦੀ ਮਦਦ ਲਈ ਗੁਰਪ੍ਰੀਤ ਘੁੱਗੀ ਵੀ ਆਏ ਅੱਗੇ, ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਰਾਹਤ ਸਮਗਰੀ

ਹੜ੍ਹ ਪੀੜ੍ਹਤਾਂ ਦੀ ਮਦਦ ਲਈ ਗੁਰਪ੍ਰੀਤ ਘੁੱਗੀ ਵੀ ਆਏ ਅੱਗੇ, ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਰਾਹਤ ਸਮਗਰੀ

ਗੁਰਦਾਸਪੁਰ (ਹਰਮਨ) : ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲੱਗੀਆਂ ਹੋਈਆਂ ਹਨ ਓਥੇ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਕਲਾਕਾਰ ਵੀ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਅੱਗੇ ਆਏ ਹਨ। ਪੰਜਾਬ ਦੇ ਉੱਘੇ ਹਾਸਰਸ ਤੇ ਫ਼ਿਲਮੀ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਵੱਲੋਂ ਅੱਜ ਆਪਣੇ ਸਾਥੀਆਂ ਨਾਲ ਗੁਰਦਾਸਪੁਰ ‌ਵਿਖੇ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ 300 ਗੱਦੇ, 700 ਓਡੋਮੋਸ, 700 ਸੈਨੇਟਰੀ ਪੈਡ ਅਤੇ ਪਸ਼ੂਆਂ ਲਈ 30 ਟਨ ਕੈਟਲ ਫੋਡਰ ਰਾਹਤ ਸਮਗਰੀ ਵਜੋਂ ਦਿੱਤੇ।

ਇਸ ਮੌਕੇ ਗੁਰਪ੍ਰੀਤ ਸਿੰਘ ਘੁੱਗੀ ਨੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰੀ ਟੀਮ ਵੱਲੋਂ ਦਿਨ-ਰਾਤ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ ਉਹ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਵੀ ਇਸ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਉਹ ਪੁਆਧ ਖੇਤਰ ਦੇ ਸ਼ਹਿਰ ਮੁਹਾਲੀ ਅਤੇ ਮਨੌਲੀ ਪਿੰਡ ਤੋਂ ਆਪਣੇ ਸਾਥੀਆਂ ਨਾਲ ਹੜ੍ਹ ਪੀੜ੍ਹਤਾਂ ਦੀ ਮਦਦ ਕਰਨ ਲਈ ਆਏ ਹਨ ਅਤੇ ਉਨ੍ਹਾਂ ਨੇ ਇਹ ਰਾਹਤ ਸਮਗਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਸਹਾਇਤਾ ਕੇਂਦਰ ਵਿੱਚ ਦਿੱਤੀ ਹੈ।

ਗੁਰਪ੍ਰੀਤ ਸਿੰਘ ਘੁੱਗੀ ਨੇ ਕਿਹਾ ਕਿ ਲੋੜਵੰਦਾਂ ਦੀ ਸੇਵਾ ਕਰਨ ਵਿੱਚ ਪੰਜਾਬੀਆਂ ਦਾ ਕੋਈ ਸਾਨੀ ਨਹੀਂ ਹੈ ਅਤੇ ਇਸੇ ਸਮੇਂ ਵੀ ਸਮਾਜ ਸੇਵੀ ਸੰਸਥਾਵਾਂ ਪੂਰੀ ਸੇਵਾ ਭਾਵਨਾ ਨਾਲ ਹੜ੍ਹ ਪੀੜਤਾਂ ਦੀ ਮਦਦ ਕਰ ਰਹੀਆਂ ਹਨ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹ ਪੀੜ੍ਹਤਾਂ ਦੀ ਮਦਦ ਕਰਨ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਜ਼ਰੂਰ ਕਰ ਲੈਣ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਲੋਕਾਂ ਨੂੰ ਕਿਸ ਵਸਤੂ ਦੀ ਜ਼ਰੂਰਤ ਹੈ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਆਰ.ਟੀ.ਓ. ਸ੍ਰੀਮਤੀ ਨਵਜੋਤ ਸ਼ਰਮਾ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਲਈ ਗੁਰਪ੍ਰੀਤ ਸਿੰਘ ਘੁੱਗੀ ਤੇ ਉਨ੍ਹਾਂ ਦੇ ਸਾਥੀਆਂ ਦਾ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵੱਲੋਂ ਧੰਨਵਾਦ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS