ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ 20 ਕਰੋੜ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਦੀ ਮੁਰੰਮਤ ਲਈ 50-50 ਹਜ਼ਾਰ ਦੀ ਰਾਸ਼ੀ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਲੰਗਰ ਅਤੇ ਰਸਦਾਂ ਦੀਆਂ ਹੋਰ ਸੇਵਾਵਾਂ ਦੇ ਨਾਲ-ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਲਈ ਅੱਠ ਲੱਖ ਲੀਟਰ ਡੀਜ਼ਲ ਮੁਹੱਈਆ ਕਰਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਡੀਜ਼ਲ ਨੂੰ ਵੈਟ ਮੁਕਤ ਕੀਤਾ ਜਾਵੇ ਤਾਂ ਜੋ ਸ਼੍ਰੋਮਣੀ ਕਮੇਟੀ ਵੱਧ ਤੋਂ ਵੱਧ ਕਿਸਾਨਾਂ ਨੂੰ ਫਸਲਾਂ ਵਾਸਤੇ ਡੀਜ਼ਲ ਮੁਹੱਈਆ ਕਰਵਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਹੜ੍ਹ ਪੀੜਤ ਇਲਾਕਿਆਂ ਵਿਚ ਰਾਹਤ ਸੇਵਾਵਾਂ ਜਾਰੀ ਰਹਿਣਗੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਵਿਦੇਸ਼ਾਂ ਤੋਂ ਵੀ ਮਦਦ ਪਹੁੰਚ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਸਰਦਾਰ ਬਲਵੰਤ ਸਿੰਘ (USA) ਦਾ ਖਾਸ ਧੰਨਵਾਦ ਕੀਤਾ, ਜਿਨ੍ਹਾਂ ਨੇ ਪਹਿਲੇ ਹੀ ਦਿਨ 33 ਲੱਖ ਰੁਪਏ ਦਾਨ ਕੀਤੇ। ਇਸ ਤੋਂ ਇਲਾਵਾ, ਸਰਦਾਰ ਗੁਰਿੰਦਰ ਸਿੰਘ ਪਰਿਵਾਰ ਵੱਲੋਂ ਗੁਰੂ ਰਾਮਦਾਸ ਜੀ ਦੇ ਪਵਿੱਤਰ ਲੰਗਰ ਲਈ ਸਵਰਾਜ ਟਰੈਕਟਰ ਡੋਨੇਟ ਕੀਤਾ ਗਿਆ। ਧਾਮੀ ਨੇ ਕਿਹਾ ਕਿ ਇਹ ਸਾਰੀਆਂ ਸਹਾਇਤਾਵਾਂ ਸਿੱਧੇ ਤੌਰ ’ਤੇ ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚਾਈਆਂ ਜਾਣਗੀਆਂ। SGPC ਪ੍ਰਧਾਨ ਨੇ ਕਿਹਾ ਇਹ ਸਮਾਂ ਲੋਕਾਂ ਦੇ ਨਾਲ ਖੜ੍ਹਨ ਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com