ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ: CM ਮਾਨ

ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ: CM ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ-ਪਾਲਣ ਵਿਭਾਗ ਨੇ ਵੀ ਪਸ਼ੂਆਂ ਵਿਚਾਲੇ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਜ਼ੋਰਦਾਰ ਢੰਗ ਨਾਲ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 14780 ਪਸ਼ੂਆਂ ਦਾ ਇਲਾਜ ਅਤੇ 48535 ਪਸ਼ੂਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹਾਂ ਵਿੱਚ ਮਾਰੇ ਗਏ ਜਾਨਵਰਾਂ ਦੀਆਂ ਲਾਸ਼ਾਂ ਦਾ ਸੁਰੱਖਿਅਤ ਅਤੇ ਵਿਗਿਆਨਕ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਮਿੱਟੀ ਤੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਮੁੱਖ ਮੰਤਰੀ ਨੇ ਪਿੰਡਾਂ, ਗਲੀਆਂ, ਛੱਪੜਾਂ (ਫਿਰਨੀ, ਨਾਲੀ, ਗਲੀ ਅਤੇ ਹੋਰ) ਵਿੱਚ ਬਿਨਾਂ ਕਿਸੇ ਦੇਰੀ ਦੇ ਸਫ਼ਾਈ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਬਾਹਰੀ ਫੌਗਿੰਗ ਦੇ ਨਾਲ-ਨਾਲ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਕੂੜੇ ਦਾ ਸਮੇਂ ਸਿਰ ਨਿਪਟਾਰਾ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਮੱਛਰਾਂ ਦੇ ਪ੍ਰਜਣਨ ਨੂੰ ਰੋਕਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਪ੍ਰਭਾਵਿਤ ਖੇਤਰਾਂ ਵਿੱਚ ਵੱਡੇ ਪੱਧਰ ਤੇ ਸਫ਼ਾਈ ਮੁਹਿੰਮਾਂ ਚਲਾਉਣ ਅਤੇ ਖੜ੍ਹੇ ਪਾਣੀ ਦੀ ਨਿਕਾਸੀ ਦੇ ਨਾਲ-ਨਾਲ ਫੌਗਿੰਗ ਦੀ ਵਕਾਲਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਖੇਤਾਂ ਤੇ ਪਿੰਡਾਂ ਦੇ ਆਲੇ-ਦੁਆਲੇ ਤੋਂ ਗੰਦੇ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾਵੇ ਅਤੇ ਮੱਛਰਾਂ ਦੇ ਪ੍ਰਜਣਨ ਦੀ ਰੋਕਥਾਮ, ਫੌਗਿੰਗ ਤੇ ਸਫ਼ਾਈ ਮੁਹਿੰਮ ਵਿੱਚ ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਦੇ ਕੰਮ 21 ਸਤੰਬਰ ਤੱਕ ਮੁਕੰਮਲ ਹੋਣੇ ਚਾਹੀਦੇ ਹਨ ਅਤੇ ਪਿੰਡਾਂ ਵਿੱਚ ਪਸ਼ੂਆਂ ਦੇ ਵਾੜਿਆਂ ਤੇ ਫੀਡ ਰੱਖਣ ਵਾਲੀਆਂ ਥਾਵਾਂ ਦੀ ਸਫ਼ਾਈ ਹੋਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂਆਂ ਦੀਆਂ ਖ਼ੁਰਲੀਆਂ ਤੇ ਪਾਣੀ ਪੀਣ ਵਾਲੀਆਂ ਥਾਵਾਂ ਦੀ ਵੀ ਢੁਕਵੀਂ ਸਫ਼ਾਈ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਪੋਟਾਸ਼ੀਅਮ ਪਰਮੈਗਨਾਈਟ ਦੀ ਵੰਡ ਵੀ ਮੁਫ਼ਤ ਵਿੱਚ ਕੀਤੀ ਜਾ ਰਹੀ ਹੈ ਤਾਂ ਕਿ ਪਸ਼ੂਆਂ ਦੇ ਵਾੜਿਆਂ ਤੇ ਪਾਣੀ ਪਿਲਾਉਣ ਵਾਲੀਆਂ ਥਾਵਾਂ ਬਿਮਾਰੀਆਂ ਤੋਂ ਮੁਕਤ ਹੋਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਪਸ਼ੂਆਂ ਦੇ ਖੁਰਾਂ ਨੂੰ ਵੀ ਪੋਟਾਸ਼ੀਅਮ ਪਰਮੈਗਨਾਈਟ ਨਾਲ ਨਿਯਮਤ ਆਧਾਰ ਉੱਤੇ ਸਾਫ਼ ਕੀਤਾ ਜਾਵੇ ਤਾਂ ਕਿ ਉਨ੍ਹਾਂ ਦੇ ਖੁਰਾਂ ਨੂੰ ਕੋਈ ਬਿਮਾਰੀ ਨਾ ਲੱਗੇ। ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਥਣਾਂ ਦੀ ਬਿਮਾਰੀ ਦੇ ਜ਼ੋਖ਼ਿਮ ਨੂੰ ਘੱਟ ਕਰਨ ਲਈ ਦੁੱਧ ਚੋਣ ਤੋਂ ਪਹਿਲਾਂ ਥਣਾਂ ਨੂੰ ਚੰਗੀ ਤਰ੍ਹਾਂ ਦਵਾਈ ਨਾਲ ਸਾਫ਼ ਕਰਵਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਅਜਿਹੇ ਹਾਲਾਤ ਵਿੱਚ ਪਸ਼ੂਆਂ ਦੀ ਚੰਗੀ ਦੇਖਭਾਲ ਲਈ ਜਾਗਰੂਕ ਕਰਨ ਵਾਸਤੇ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲੋੜੀਂਦੀਆਂ ਦਵਾਈਆਂ ਮੁਫ਼ਤ ਵੰਡੀਆਂ ਜਾ ਰਹੀਆਂ ਹਨ ਅਤੇ ਹੋਰ ਸਹਾਇਤਾ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕੈਂਪਾਂ ਵਿੱਚ 14780 ਪਸ਼ੂਆਂ ਦਾ ਲੋੜੀਂਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 24 ਘੰਟੇ ਚੱਲਣ ਵਾਲੇ ਕੰਟਰੋਲ ਰੂਮ ਕੰਮ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੰਟਰੋਲ ਰੂਮਾਂ ਦੀ ਨਿਗਰਾਨੀ ਸਬੰਧਤ ਵੈਟਰਨਰੀ ਅਫ਼ਸਰ ਵੱਲੋਂ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮੋਬਾਈਲ `ਤੇ ਸਲਾਹ-ਮਸ਼ਵਰਾ ਵੀ ਦਿੱਤਾ ਜਾ ਰਿਹਾ ਹੈ।

ਬਿਹਤਰ ਅੰਤਰ-ਵਿਭਾਗੀ ਤਾਲਮੇਲ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਸੀਬਤ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਾਫ਼ ਪੀਣ ਯੋਗ ਪਾਣੀ ਮੁਹੱਈਆ ਕਰਨ ਲਈ ਪਾਣੀ ਦੀ ਬਾਕਾਇਦਾ ਆਧਾਰ ਉੱਤੇ ਟੈਸਟਿੰਗ ਤੇ ਕਲੋਰੀਨੇਸ਼ਨ ਯਕੀਨੀ ਬਣਾਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਲ ਸਪਲਾਈ ਪਾਈਪਲਾਈਲਾਂ ਦੀ ਕਿਸੇ ਵੀ ਤਰ੍ਹਾਂ ਦੀ ਲੀਕੇਜ਼ ਦੀ ਤੁਰੰਤ ਮੁਰੰਮਤ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਡਾ. ਰਵਜੋਤ, ਤਰੁਨਪ੍ਰੀਤ ਸਿੰਘ ਸੌਂਦ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS