ਨਵੀਂ ਦਿੱਲੀ – ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰਕ ਸਬੰਧਾਂ ਵਿਚ ਤਣਾਅ ਘਟਾਉਣ ਵੱਲ ਇਕ ਮਹੱਤਵਪੂਰਨ ਘਟਨਾਕ੍ਰਮ ਵਿਚ ਦੋਵਾਂ ਧਿਰਾਂ ਦੇ ਅਧਿਕਾਰੀ ਮੰਗਲਵਾਰ ਨੂੰ ਇੱਥੇ 7 ਘੰਟੇ ਚੱਲੀ ਮੀਟਿੰਗ ਵਿਚ ਵਪਾਰ ਸਮਝੌਤੇ ਲਈ ਯਤਨ ਤੇਜ਼ ਕਰਨ ’ਤੇ ਸਹਿਮਤ ਹੋਏ ਹਨ। ਗੱਲਬਾਤ ਨੂੰ ਵਾਪਸ ਪਟੜੀ ’ਤੇ ਲਿਆਉਣ ਦੇ ਮਕਸਦ ਨਾਲ ਅਮਰੀਕੀ ਵਪਾਰ ਪ੍ਰਤੀਨਿਧੀ ਬ੍ਰੈਂਡਨ ਲਿੰਚ ਦੀ ਅਗਵਾਈ ਵਿਚ ਆਏ ਅਮਰੀਕੀ ਵਪਾਰ ਪ੍ਰਤੀਨਿਧੀ ਦਫਤਰ ਦੇ ਇਕ ਵਫਦ ਦੀ ਇੱਥੇ ਵਣਜ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਹੋਈ।
ਭਾਰਤੀ ਟੀਮ ਦੀ ਅਗਵਾਈ ਵਣਜ ਵਿਭਾਗ ਵਿਚ ਵਿਸ਼ੇਸ਼ ਸਕੱਤਰ ਰਾਜੇਸ਼ ਅਗਰਵਾਲ ਨੇ ਕੀਤੀ। ਵਣਜ ਅਤੇ ਉਦਯੋਗ ਮੰਤਰਾਲੇ ਦੀ ਇਕ ਪ੍ਰੈੱਸ ਰਿਲੀਜ਼ ਅਨੁਸਾਰ ਚਰਚਾ ‘ਸਕਾਰਾਤਮਕ ਅਤੇ ਅਗਾਂਹਵਧੂ’ ਸੀ ਅਤੇ ਇਸ ਵਿਚ ਵਪਾਰ ਸਮਝੌਤੇ ਦੇ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਪ੍ਰੈੱਸ ਰਿਲੀਜ਼ ’ਚ ਕਿਹਾ ਗਿਆ ਹੈ ਕਿ ਗੱਲਬਾਤ ਦੌਰਾਨ ਇਸ ਗੱਲ ’ਤੇ ਸਹਿਮਤੀ ਬਣੀ ਕਿ ਦੋਵਾਂ ਧਿਰਾਂ ਲਈ ਲਾਭਦਾਇਕ ਵਪਾਰ ਸਮਝੌਤੇ ਲਈ ਯਤਨ ਤੇਜ਼ ਕੀਤੇ ਜਾਣ ਤਾਂ ਜੋ ਜਲਦੀ ਹੀ ਸਾਰਥਕ ਨਤੀਜੇ ਸਾਹਮਣੇ ਆ ਸਕਣ।
ਅਮਰੀਕਾ ਭਾਰਤ ਦਾ ਮੁੱਖ ਵਪਾਰਕ ਭਾਈਵਾਲ ਹੈ ਪਰ ਅਮਰੀਕਾ ਵੱਲੋਂ ਭਾਰਤੀ ਵਸਤੂਆਂ ’ਤੇ 50 ਫੀਸਦੀ ਟੈਰਿਫ ਲਗਾਉਣ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ’ਚ ਖਟਾਸ ਆਈ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਦੀ ਵਪਾਰ ਨੀਤੀ ਅਤੇ ਕੁਝ ਅਮਰੀਕੀ ਅਧਿਕਾਰੀਆਂ ਦੇ ਸਖ਼ਤ ਬਿਆਨਾਂ ਨੇ ਦੋਵਾਂ ਧਿਰਾਂ ਵਿਚਕਾਰ ਵਪਾਰਕ ਸਬੰਧਾਂ ’ਚ ਤਣਾਅ ਪੈਦਾ ਕਰ ਦਿੱਤਾ ਸੀ। ਹਾਲ ਹੀ ਵਿਚ ਰਾਸ਼ਟਰਪਤੀ ਟਰੰਪ ਦੇ ਨਰਮ ਬਿਆਨਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਅਤੇ ਉਨ੍ਹਾਂ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਉਤਸ਼ਾਹਜਨਕ ਪ੍ਰਤੀਕਿਰਿਆਵਾਂ ਨੇ ਵਪਾਰਕ ਗੱਲਬਾਤ ਵਿਚ ਡੈੱਡਲਾਕ ਨੂੰ ਤੋੜਨ ਦਾ ਰਸਤਾ ਲੱਭਣ ਦੀ ਸੰਭਾਵਨਾ ਵਧਾ ਦਿੱਤੀ ਹੈ।
ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਉਮੀਦ ਜਤਾਈ ਹੈ ਕਿ ਨਵੰਬਰ ਤੱਕ ਭਾਰਤ ਅਤੇ ਅਮਰੀਕਾ ਵਿਚਕਾਰ ਕੋਈ ਚੰਗਾ ਸਮਝੌਤਾ ਹੋ ਜਾਵੇਗਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਭਾਰਤ ਲਈ ਦੇਸ਼ ਦੇ ਕਿਸਾਨਾਂ, ਪਸ਼ੂ ਪਾਲਕਾਂ, ਮਛੇਰਿਆਂ ਅਤੇ ਛੋਟੇ ਅਤੇ ਦਰਮਿਆਨੇ ਉਦਯੋਗਾਂ ਦੇ ਹਿੱਤ ਸਭ ਤੋਂ ਉੱਪਰ ਹਨ ਅਤੇ ਉਨ੍ਹਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।
Credit : www.jagbani.com