
ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਹਾਲ ਹੀ ਵਿਚ ਸ਼ੁਰੂ ਕੀਤਾ ਗਿਆ "ਈਜ਼ੀ ਰਜਿਸਟਰੀ" ਪ੍ਰਾਜੈਕਟ ਲੋਕ-ਪੱਖੀ ਸੇਵਾਵਾਂ ਪ੍ਰਦਾਨ ਕਰਨ ਵਿਚ ਬੇਹੱਦ ਸਹਾਈ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਅਤੇ ਸੁਖਾਲੇ ਢੰਗ ਨਾਲ ਪ੍ਰਦਾਨ ਕਰਨ ਦੇ ਮਨਸ਼ੇ ਨਾਲ ਤਿਆਰ ਕੀਤਾ ਗਿਆ ਇਹ ਪ੍ਰਾਜੈਕਟ ਦਸਤਾਵੇਜ਼ਾਂ ਦੀ ਆਨਲਾਈਨ ਜਾਂਚ, ਵੀ.ਆਈ.ਪੀ. ਕਲਚਰ ਨੂੰ ਖ਼ਤਮ ਕਰਨ, ਨਾਗਰਿਕਾਂ ਨੂੰ ਆਨਲਾਈਨ ਢੰਗ ਨਾਲ ਅਸਲ ਸਮੇਂ ਦੀ ਸਥਿਤੀ ਦੀ ਅਪਡੇਟਸ ਪ੍ਰਦਾਨ ਕਰਨ ਅਤੇ ਡੀਡ ਡਰਾਫ਼ਟਿੰਗ ਤੇ ਰਜਿਸਟ੍ਰੇਸ਼ਨ ਲਈ ਡੋਰ-ਸਟੈਪ ਡਲਿਵਰੀ ਸੇਵਾਵਾਂ ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ। ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਈਜ਼ੀ ਰਜਿਸਟਰੀ ਸਹੂਲਤ ਨੇ ਜਾਇਦਾਦ ਦੀ ਰਜਿਸਟ੍ਰੇਸ਼ਨ ਵਿਚ ਪਾਰਦਰਸ਼ਤਾ ਅਤੇ ਕੁਸ਼ਲਤਾ ਦੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਹ ਪ੍ਰਾਜੈਕਟ 48 ਘੰਟਿਆਂ ਦੇ ਅੰਦਰ ਸਬ-ਰਜਿਸਟਰਾਰ ਵੱਲੋਂ, ਬਿਨਾਂ ਦਸਤਖ਼ਤ ਕੀਤੀ ਸੇਲ ਡੀਡ ਦੀ ਆਨਲਾਈਨ ਜਾਂਚ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਖੱਜਲ-ਖੁਆਰੀ ਨੂੰ ਘਟਾਉਣ ਅਤੇ ਭ੍ਰਿਸ਼ਟਾਚਾਰ 'ਤੇ ਰੋਕ ਲਾਉਣ ਵਿਚ ਬੇਹੱਦ ਸਹਾਈ ਸਿੱਧ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਵਿਚ ਜਵਾਬਦੇਹੀ ਯਕੀਨੀ ਬਣਾਉਂਦਿਆਂ ਉਠਾਏ ਗਏ ਸਾਰੇ ਇਤਰਾਜ਼ਾਂ ਦੀ ਨਿਗਰਾਨੀ ਡਿਪਟੀ ਕਮਿਸ਼ਨਰਾਂ ਅਤੇ ਐੱਸ.ਡੀ.ਐੱਮਜ਼ ਵੱਲੋਂ ਕੀਤੀ ਜਾ ਰਹੀ ਹੈ ਅਤੇ ਬੇਲੋੜੇ ਇਤਰਾਜ਼ ਲਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵਿਵਸਥਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੈਲਪਲਾਈਨ ਨੰਬਰ-1076 ਰਾਹੀਂ ਡੋਰਸਟੈਪ-ਡਿਲੀਵਰੀ ਸੇਵਾ ਦੀ ਚੋਣ ਕਰਕੇ ਘਰ ਬੈਠੇ ਸੇਵਾਵਾਂ ਲਈਆਂ ਜਾ ਸਕਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫ਼ੀਸ ਸਮੇਤ ਸਾਰੇ ਭੁਗਤਾਨ ਉਪਲੱਬਧ 25 ਬੈਂਕਾਂ ਰਾਹੀਂ ਇੱਕੋ ਵਾਰ ਆਨਲਾਈਨ ਤਰੀਕੇ ਨਾਲ ਕੀਤੇ ਜਾ ਸਕਦੇ ਹਨ ਜਦਕਿ ਇਸ ਤੋਂ ਪਹਿਲਾਂ ਸਿਰਫ਼ ਪੰਜ ਬੈਂਕਾਂ ਤੋਂ ਇਹ ਸੇਵਾਵਾਂ ਲਈਆਂ ਜਾ ਸਕਦੀਆਂ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਕ ਏਕੀਕ੍ਰਿਤ ਟੋਕਨ ਪ੍ਰਬੰਧਨ ਪ੍ਰਣਾਲੀ ਵੀ ਲਾਗੂ ਕੀਤੀ ਗਈ ਹੈ, ਜਿਸ ਤਹਿਤ ਮੁਲਾਕਾਤੀ-ਸਮਾਂ ਲੈ ਚੁੱਕੇ ਅਤੇ ਮੁਕੰਮਲ ਦਸਤਾਵੇਜ਼ਾਂ ਵਾਲੇ ਨਾਗਰਿਕਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰਣਾਲੀ ਨਾਲ ਲੋਕਾਂ ਨੂੰ ਬੋਲੇੜੀ ਦੇਰੀ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਅਪਗ੍ਰੇਡ ਸਰਵਰਾਂ, ਸਿਖਲਾਈ ਪ੍ਰਾਪਤ ਸਟਾਫ਼ ਅਤੇ ਮਿਆਰੀ ਪ੍ਰਕਿਰਿਆਵਾਂ ਨਾਲ ਪੰਜਾਬ ਭਰ ਵਿਚ ਇਹ ਪ੍ਰਣਾਲੀ ਇਕਸਾਰ ਲਾਗੂ ਕੀਤੀ ਗਈ ਹੈ, ਜੋ ਸ਼ਹਿਰਾਂ ਅਤੇ ਪਿੰਡਾਂ ਵਿਚ ਪਾਰਦਰਸ਼ੀ ਅਤੇ ਕੁਸ਼ਲ ਸੇਵਾਵਾਂ ਯਕੀਨੀ ਬਣਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com