ਮੋਰਿੰਡਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਮੁੱਖ ਮੰਤਰੀ ਅੱਜ ਇੱਥੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲਣ ਪਹੁੰਚੇ। ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕ੍ਰਾਂਤੀ ਵਿਦਿਆਰਥੀਆਂ ਨੂੰ ਭਵਿੱਖਮੁਖੀ ਮੁਕਾਬਲਿਆਂ ਲਈ ਤਿਆਰ ਕਰਕੇ ਉਨ੍ਹਾਂ ਨੂੰ ਜ਼ਿੰਦਗੀ ਵਿਚ ਬੁਲੰਦੀਆਂ ਛੂਹਣ ਦੇ ਯੋਗ ਬਣਾਉਣ ਵਿਚ ਉਸਾਰੂ ਨਤੀਜੇ ਲਿਆ ਰਹੀ ਹੈ। ਮਾਨ ਨੇ ਕਿਹਾ ਕਿ ਇਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ ਅਤੇ ਦੂਜੇ ਪਾਸੇ ਸੂਬੇ ਵਿਚ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਾਉਣ ਲਈ ਕਈ ਯਤਨ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇ.ਈ.ਈ., ਸੀ.ਐਲ.ਏ.ਟੀ. ਅਤੇ ਨਿਫਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਤੋਂ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਦੀ ਪ੍ਰੀਖਿਆ ਵਿਚ ਯੋਗਤਾ ਪ੍ਰਾਪਤ ਕੀਤੀ, 44 ਨੇ ਜੇ.ਈ.ਈ. ਐਡਵਾਂਸ ਪਾਸ ਕੀਤਾ ਅਤੇ 848 ਵਿਦਿਆਰਥੀਆਂ ਨੇ ਨੀਟ ਲਈ ਯੋਗਤਾ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਕ ਹੋਰ ਪਹਿਲਕਦਮੀ ਕਰਦਿਆਂ ਸਕੂਲ ਮੈਂਟਰਸ਼ਿਪ ਪ੍ਰੋਗਰਾਮ (ਸਕੂਲੀ ਬੱਚਿਆਂ ਦਾ ਮਾਰਗਦਰਸ਼ਨ ਪ੍ਰੋਗਰਾਮ) ਸ਼ੁਰੂ ਕੀਤਾ ਗਿਆ ਹੈ, ਜਿਸ ਦੇ ਤਹਿਤ ਸੀਨੀਅਰ ਅਧਿਕਾਰੀ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸੇਧ ਦੇ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਸ਼ੁਰੂ ਕੀਤੀ ਜਿਸ ਨੂੰ ਮਾਪਿਆਂ ਤੋਂ ਵੱਡਾ ਹੁੰਗਾਰਾ ਮਿਲਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com