ਜਲੰਧਰ- ਪੰਜਾਬ ਸਰਕਾਰ ਵੱਲੋਂ ਭਲਕੇ ਯਾਨੀ ਕਿ ਸ਼ਨੀਵਾਰ ਨੂੰ ਜਿੱਥੇ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਉਥੇ ਹੀ ਜਲੰਧਰ ਵਿਚ ਅੱਧੀ ਦਿਨ ਦੀ ਛੁੱਟੀ ਐਲਾਨੀ ਗਈ ਹੈ। ਦਰਅਸਲ 1 ਨਵੰਬਰ ਨੂੰ ਨਿਊ ਪੰਜਾਬ ਡੇਅ ਹੈ, ਜਿਸ ਕਰਕੇ ਸੂਬੇ ਵਿਚ ਰਾਖਵੀਂ ਛੁੱਟੀ ਐਲਾਨੀ ਗਈ ਹੈ। ਉਥੇ ਹੀ ਜਲੰਧਰ ਵਿਚ ਭਲਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾ ਰਹੇ ਨਗਰ ਕੀਰਤਨ ਨੂੰ ਧਿਆਨ ਵਿਚ ਰੱਖਦੇ ਹੋਏ ਅੱਧੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਰਕੇ ਦੁਪਹਿਰ 12 ਵਜੇ ਤੋਂ ਬਾਅਦ ਸਰਕਾਰੀ ਅਤੇ ਨਿੱਜੀ ਸਕੂਲ-ਕਾਲਜਾਂ ਵਿਚ ਛੁੱਟੀ ਕਰ ਦਿੱਤੀ ਜਾਵੇਗੀ।  
ਇਥੇ ਇਹ ਵੀ ਦੱਸ ਦੇਈਏ ਕਿ ਇਸ ਦੇ ਅਗਲੇ ਦਿਨ ਹੀ ਸੰਤ ਨਾਮਦੇਵ ਜੀ ਦਾ ਜਨਮ ਦਿਹਾੜਾ ਵੀ ਹੈ, ਜੋਕਿ ਐਤਵਾਰ ਆ ਰਿਹਾ ਹੈ। ਸੰਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀ ਵੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਰਾਖਵੀਂ ਛੁੱਟੀ ਐਲਾਨੀ ਗਈ ਹੈ। 
ਜਲੰਧਰ 'ਚ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ, ਸਕੂਲ-ਕਾਲਜ ਰਹਿਣਗੇ ਬੰਦ 
5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜਲੰਧਰ ਵਿਚ ਭਲਕੇ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਨਗਰ ਕੀਰਤਨ ਦੇ ਆਯੋਜਨ ਨੂੰ ਧਿਆਨ ਵਿਚ ਰੱਖਦੇ ਹੋਏ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਮਹੱਤਵਪੂਰਨ ਫ਼ੈਸਲਾ ਲੈਂਦਿਆਂ 1 ਨਵੰਬਰ (ਸ਼ਨੀਵਾਰ) ਨੂੰ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਅਤੇ ਕਾਲਜਾਂ ਵਿਚ ਵਿਦਿਆਰਥੀਆਂ ਅਤੇ ਸਟਾਫ਼ ਲਈ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਸ਼ਹਿਰ ਵਿਚ ਗੁਰਦੁਆਰਾ ਦੀਵਾਨ ਅਸਥਾਨ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲਿਆ ਗਿਆ ਹੈ। ਨਗਰ ਕੀਰਤਨ ਦੌਰਾਨ ਸ਼ਹਿਰ ਦੀਆਂ ਕਈ ਸੜਕਾਂ 'ਤੇ ਆਵਾਜਾਈ ਪ੍ਰਭਾਵਿਤ ਰਹੇਗੀ। 
ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ, ਡੀ. ਸੀ. ਨੇ ਦਿੱਤੇ ਨਿਰਦੇਸ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 1 ਨਵੰਬਰ ਨੂੰ ਜਲੰਧਰ ਸ਼ਹਿਰ ਵਿਚ ਬੜੇ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਨਾਲ ਕੱਢਿਆ ਜਾਵੇਗਾ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਅਧਿਕਾਰੀਆਂ ਨੂੰ ਸਾਰੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।
ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਬੀਤੇ ਦਿਨੀਂ ਹੋਈ ਬੈਠਕ ਵਿਚ ਸਿੰਘ ਸਭਾਵਾਂ, ਸੇਵਾ ਸੋਸਾਇਟੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਤੀਨਿਧੀਆਂ ਨਾਲ ਡਾ. ਅਗਰਵਾਲ ਨੇ ਆਯੋਜਨ ਸਬੰਧੀ ਸਾਰੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਪੁਲਸ ਵਿਭਾਗ ਨੂੰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਅਤੇ ਟ੍ਰੈਫਿਕ ਪੁਲਸ ਨੂੰ ਸੁਚਾਰੂ ਆਵਾਜਾਈ ਵਿਵਸਥਾ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਨਗਰ ਕੀਰਤਨ ਦੇ ਪੂਰੇ ਰੂਟ ’ਤੇ ਸਫਾਈ, ਸੜਕ ਮੁਰੰਮਤ, ਸਟਰੀਟ ਲਾਈਟਾਂ ਦੀ ਜਾਂਚ, ਨੀਵੀਆਂ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਕਰਨ ਅਤੇ ਸਜਾਵਟ ਦੇ ਕੰਮ ਸਮੇਂ ’ਤੇ ਪੂਰਾ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਪੀਣ ਦੇ ਪਾਣੀ, ਅਸਥਾਈ ਪਖਾਨੇ, ਮੈਡੀਕਲ ਟੀਮਾਂ, ਫਾਇਰ ਬ੍ਰਿਗੇਡ ਅਤੇ ਬਿਜਲੀ ਸਪਲਾਈ ਦੀ ਵਿਵਸਥਾ ਵੀ ਪਹਿਲਾਂ ਤੋਂ ਹੀ ਯਕੀਨੀ ਕੀਤੀ ਜਾਵੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਵਿਭਾਗ ਨੂੰ ਸੌਂਪੇ ਗਏ ਕੰਮ ਵਿਚ ਪੂਰੀ ਜ਼ਿੰਮੇਵਾਰੀ ਅਤੇ ਆਪਸੀ ਤਾਲਮੇਲ ਵਿਖਾਉਣਾ ਹੋਵੇਗਾ।
 - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
Credit : www.jagbani.com