ਗੁਜਰਾਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਵੱਲੋਂ ਕਿਸਾਨਾਂ ’ਤੇ ਕੀਤੇ ਜਾ ਰਹੇ ਅੱਤਿਆਚਾਰ ਦੇਸ਼ ਦੇ ਸਿਆਸੀ ਖੇਤਰ ’ਚੋਂ ਭਗਵਾ ਪਾਰਟੀ ਦੇ ਅੰਤ ਲਈ ਉਨ੍ਹਾਂ ਦੇ ਤਾਬੂਤ ’ਚ ਆਖਰੀ ਕਿੱਲ ਸਾਬਤ ਹੋਣਗੇ। ਇਥੇ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ, ਜਿਨ੍ਹਾਂ ਦੇ ਨਾਲ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸਨ, ਨੇ ਕਿਹਾ ਕਿ ਦੇਸ਼ ਦੇ ਮਿਹਨਤਕਸ਼ ਅਤੇ ਬਹਾਦਰ ਕਿਸਾਨ ਭਾਜਪਾ ਦੀ ਧੱਕੇਸ਼ਾਹੀ ਲਈ ਉਨ੍ਹਾਂ ਨੂੰ ਚੰਗਾ ਸਬਕ ਸਿਖਾਉਣਗੇ।
ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿਚ ਪਾਗਲ ਹੋਏ ਭਗਵਾ ਪਾਰਟੀ ਦੇ ਆਗੂਆਂ ਨੇ ਕਿਸਾਨ ਵਿਰੋਧੀ ਰੁਖ਼ ਅਪਣਾਇਆ ਹੋਇਆ ਹੈ ਜੋ ਕਿ ਦੇਸ਼ ਦੇ ਹਿੱਤ ਵਿਚ ਨਹੀਂ ਹੈ। ਸਾਡੇ ਦੇਸ਼ ਨੂੰ ਅਨਾਜ ਉਤਪਾਦਨ ਵਿਚ ਸਵੈ-ਨਿਰਭਰ ਬਣਾਉਣ ਦੇ ਨਾਲ-ਨਾਲ ਉਤਪਾਦਨ ’ਚ ਵਾਧਾ ਕਰਨ ਪ੍ਰਤੀ ਕਿਸਾਨਾਂ ਦੇ ਵਿਆਪਕ ਯੋਗਦਾਨ ਦੀ ਸ਼ਲਾਘਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਮੰਦਭਾਗੇ ਦਿਨਾਂ ਨੂੰ ਯਾਦ ਕੀਤਾ ਜਦੋਂ ਭਾਰਤ ਨੂੰ ਅਨਾਜ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਭਾਰਤ ਦੂਜੇ ਦੇਸ਼ਾਂ ਤੋਂ ਅਨਾਜ ਮੰਗ ਰਿਹਾ ਸੀ।
ਆਪਣੇ ਸੰਬੋਧਨ ’ਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ਦੀ ਜਨਮ ਭੂਮੀ ’ਤੇ ਭਾਜਪਾ ਵੱਲੋਂ ਕੀਤੇ ਗਏ ਅੱਤਿਆਚਾਰਾਂ ਨੇ ਪੂਰੇ ਦੇਸ਼ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਭਾਜਪਾ ਸਰਕਾਰ ਵਲੋਂ ਗ੍ਰਿਫ਼ਤਾਰ ਕੀਤੇ 85 ਕਿਸਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨਾ ਚਾਹੁੰਦੀ ਸੀ ਪਰ ਸੂਬਾ ਸਰਕਾਰ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਆਪ’ ਇਸ ਸੰਕਟ ਦੀ ਘੜੀ ’ਚ ਦੇਸ਼ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਉਨ੍ਹਾਂ ਨੂੰ ਰਿਹਾਅ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਅੱਜ ਸਿਰਫ਼ ਪੰਜਾਬ ਹੀ ਅਜਿਹਾ ਸੂਬਾ ਹੈ ਜੋ ਕੌਮੀ ਖੁਰਾਕ ਪੂਲ ’ਚ 180 ਲੱਖ ਮੀਟ੍ਰਿਕ ਟਨ ਝੋਨੇ ਤੇ 150 ਲੱਖ ਮੀਟ੍ਰਿਕ ਟਨ ਕਣਕ ਦਾ ਯੋਗਦਾਨ ਪਾਉਂਦਾ ਹੈ। ਭਾਜਪਾ ਦੇ ਕਿਸਾਨ ਵਿਰੋਧੀ ਰਵੱਈਏ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਗੁਜਰਾਤ ਸਰਕਾਰ ਨੇ ਬੇਮੌਸਮੀ ਬਾਰਿਸ਼ ਕਾਰਨ ਤਬਾਹ ਹੋਈਆਂ ਫਸਲਾਂ ਲਈ ਕਿਸਾਨਾਂ ਨੂੰ ਮੁਆਵਜ਼ੇ ਦਾ ਇਕ ਪੈਸਾ ਵੀ ਨਹੀਂ ਦਿੱਤਾ। ਇਸ ਦੇ ਉਲਟ ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਸੂਬੇ ਦੇ ਕਿਸਾਨਾਂ ਦੀਆਂ ਫਸਲਾਂ ਤਬਾਹ ਹੋਣ ਤੋਂ ਬਾਅਦ ਮਹਿਜ਼ ਇਕ ਮਹੀਨੇ ਦੇ ਅੰਦਰ-ਅੰਦਰ ਆਪਣੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡ ਦਿੱਤੇ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾ ਰਹੇ ਹਨ, ਜੋ ਕਿ ਦੇਸ਼ ’ਚ ਸਭ ਤੋਂ ਵੱਧ ਹੈ। ਇਸ ਮਹਾਪੰਚਾਇਤ ’ਚ ਕਿਸਾਨਾਂ ਦੀ ਭਾਰੀ ਸ਼ਮੂਲੀਅਤ ਇਹ ਦਰਸਾਉਂਦੀ ਹੈ ਕਿ ਭਾਜਪਾ ਦਾ ਪਤਨ ਸ਼ੁਰੂ ਹੋ ਗਿਆ ਹੈ। ਭਾਜਪਾ ਦੇ ਹੰਕਾਰੀ ਆਗੂ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ‘ਅੱਛੇ ਦਿਨ’ ਅਜੇ ਵੀ ਇਕ ਛਲਾਵਾ ਹਨ ਪਰ ਦੇਸ਼ ਵਿਚ ‘ਸੱਚੇ ਦਿਨ’ ਜਲਦੀ ਹੀ ਆਉਣਗੇ, ਜਦੋਂ ਦੇਸ਼ ਦੇ ਸੂਝਵਾਨ ਲੋਕ ਭਗਵਾ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ। ਮਾਨ ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਇਕ ਅਜਿਹੀ ਸਰਕਾਰ ਦੀ ਲੋੜ ਹੈ, ਜੋ ਸਾਰੇ ਆਜ਼ਾਦੀ ਘੁਲਾਟੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰ ਸਕੇ, ਜਦੋਂ ਕਿ ਭਾਜਪਾ ਨੇ ਉਨ੍ਹਾਂ ’ਤੇ ਸਿਰਫ਼ ਜ਼ੁਲਮ ਅਤੇ ਬੇਇਨਸਾਫ਼ੀ ਦੇ ਸਿਵਾਏ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਲੋਕ ਜਲਦੀ ਹੀ ਇਨ੍ਹਾਂ ਆਗੂਆਂ ਨੂੰ ਸਿਆਸੀ ਗੁੰਮਨਾਮੀ ਵੱਲ ਧੱਕ ਦੇਣਗੇ ਤੇ ਇਸ ਕਿਸਾਨ ਮਹਾਪੰਚਾਇਤ ’ਚ ਲੋਕਾਂ ਦੀ ਭਾਰੀ ਭੀੜ ਇਸ ਦਾ ਸੰਕੇਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਸ਼ਾਸਨ ਦੌਰਾਨ ਕਿਸਾਨਾਂ ਨੂੰ ਬਹੁਤ ਜ਼ਿਆਦਾ ਨੁਕਸਾਨ ਝੱਲਣਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ’ਤੇ ਆਪਣੇ ਜਾਇਜ਼ ਹੱਕ ਮੰਗਣ ਦਾ ਦੋਸ਼ ਲਗਾਇਆ ਜਾ ਰਿਹਾ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਕੇਂਦਰ ਤੇ ਗੁਜਰਾਤ ਦੋਵਾਂ ’ਚ ਭਾਜਪਾ ਦੀਆਂ ਸਰਕਾਰਾਂ ਅਮੀਰ ਕਾਰੋਬਾਰੀਆਂ ਦੇ ਹੱਥਾਂ ਦੀ ਕਠਪੁਤਲੀ ਬਣ ਗਈਆਂ ਹਨ, ਜਿਨ੍ਹਾਂ ’ਤੇ ਉਹ ਪੂਰੀ ਤਰ੍ਹਾਂ ਮਿਹਰਬਾਨ ਹੈ। ਦੇਸ਼ ਦੀਆਂ ਜਾਇਦਾਦਾਂ, ਕੇਂਦਰ ਸਰਕਾਰ ਦੇ ਨਜ਼ਦੀਕੀਆਂ ਨੂੰ ਮਾਮੂਲੀ ਕੀਮਤਾਂ ’ਤੇ ਵੇਚੀਆਂ ਜਾ ਰਹੀਆਂ ਹਨ, ਜੋ ਕਿ ਬਹੁਤ ਮੰਦਭਾਗਾ ਹੈ।
ਖੇਤੀਬਾੜੀ ਅਤੇ ਕਿਸਾਨਾਂ ਨੂੰ ਦੇਸ਼ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ, ਜਦ ਕਿ ਹੰਕਾਰੀ ਭਾਜਪਾ ਆਗੂ ਕਿਸਾਨਾਂ ਨੂੰ ਅਣਗੌਲਿਆ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਵਿਰੋਧੀ ਨੀਤੀਆਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿਚ ਆਤਮ ਨਿਰਭਰ ਬਣਾਉਣ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀਆਂ ਮੁਸੀਬਤਾਂ ਨੂੰ ਹੋਰ ਵਧਾਇਆ ਹੈ। ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਕਿਸਾਨਾਂ ਦੀ ਲੜਾਈ ’ਚ ਉਨ੍ਹਾਂ ਨਾਲ ਹੈ।
Credit : www.jagbani.com