ਲੁਧਿਆਣਾ: ਲੁਧਿਆਣਾ ਵਿਚ ਇਕ ਹੋਰ ਕਬੱਡੀ ਖਿਡਾਰੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਗੁਰਿੰਦਰ ਸਿੰਘ ਪਿੰਡ ਮਾਣਕੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਉਹ ਆਪਣੇ ਸਾਥੀਆਂ ਦੇ ਨਾਲ ਨਗਰ ਕੀਰਤਨ ਦੇ ਮੱਦੇਨਜ਼ਰ ਸੜਕ ਸਾਫ਼ ਕਰ ਰਿਹਾ ਸੀ, ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਗੁਰਿੰਦਰ ਸਿੰਘ ਦੀ ਮੌਤ ਹੋ ਗਈ ਤੇ ਉਸ ਦਾ ਇਕ ਹੋਰ ਜ਼ਖ਼ਮੀ ਹੋ ਗਿਆ ਹੈ।
 
ਜਾਣਕਾਰੀ ਮੁਤਾਬਕ ਸਮਰਾਲਾ ਦੇ ਪਿੰਡ ਮਾਣਕੀ ਵਿਖੇ ਦੇਰ ਰਾਤ ਦੋ ਨੌਜਵਾਨਾਂ 'ਤੇ ਅਣਪਛਾਤੇ ਮੋਟਰਸਾਈਕਲ ਸਵਾਰ ਚਾਰ ਹਮਲਾਵਰਾਂ ਨੇ ਗੋਲ਼ੀਆਂ ਚਲਾ ਦਿੱਤੀਆਂ। ਪਿੰਡ ਵਾਸੀਆਂ ਨੇ ਤੁਰੰਤ ਗੰਭੀਰ ਰੂਪ 'ਚ ਜ਼ਖ਼ਮੀ ਨੌਜਵਾਨਾਂ ਨੂੰ ਸਮਰਾਲਾ ਸਿਵਲ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਚੰਡੀਗੜ੍ਹ ਰੈਫਰ ਕਰ ਦਿੱਤਾ। ਇਸ ਦੌਰਾਨ ਗੁਰਿੰਦਰ ਸਿੰਘ (23) ਵਾਸੀ ਮਾਣਕੀ ਦੀ ਮੌਤ ਹੋ ਗਈ। ਜ਼ਖ਼ਮੀ ਨੌਜਵਾਨ ਦੀ ਪਛਾਣ ਧਰਮਵੀਰ ਸਿੰਘ ਵਾਸੀ ਪਿੰਡ ਮਾਣਕੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਿੰਦਰ ਸਿੰਘ ਕਬੱਡੀ ਦਾ ਖਿਡਾਰੀ ਸੀ ਤੇ ਕਈ ਮੁਕਾਬਲਿਆਂ ਵਿਚ ਹਿੱਸਾ ਲੈ ਚੁੱਕਿਆ ਸੀ।
ਘਟਨਾ ਦਾ ਪਤਾ ਲੱਗਣ 'ਤੇ ਸਮਰਾਲਾ ਪੁਲਸ ਮੌਕੇ 'ਤੇ ਪਹੁੰਚ ਗਈ ਤੇ ਜਾਂਚ 'ਚ ਜੁਟ ਗਈ। ਇਸ ਵਾਰਦਾਤ ਬਾਰੇ ਗੱਲਬਾਤ ਕਰਦਿਆਂ ਖੰਨਾ ਦੇ ਐੱਸ.ਪੀ. (ਆਈ) ਪਵਨਜੀਤ ਚੌਧਰੀ ਨੇ ਵੀਡੀਓ ਜਾਰੀ ਕਰ ਮਾਮਲੇ ਦੀ ਜਾਂਚ ਦੀ ਗੱਲ ਆਖੀ ਹੈ ਅਤੇ ਕਿਹਾ ਮੁਲਜ਼ਮ ਜਲਦੀ ਕਾਬੂ ਕਰ ਲਏ ਜਾਣਗੇ। 
Credit : www.jagbani.com