ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮੰਤਰੀ ਤਰੁਣਪ੍ਰੀਤ ਸੋਂਦ ਤਲਬ, ਇਕ ਹਫਤੇ 'ਚ ਮੰਗਿਆ ਸਪੱਸ਼ਟੀਕਰਨ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮੰਤਰੀ ਤਰੁਣਪ੍ਰੀਤ ਸੋਂਦ ਤਲਬ, ਇਕ ਹਫਤੇ 'ਚ ਮੰਗਿਆ ਸਪੱਸ਼ਟੀਕਰਨ

ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਹੋਰ ਸਿੱਖਾਂ ਦੀ ਸ਼ਹਾਦਤ ਦੀ ਸ਼ਤਾਬਦੀ ਮਨਾਉਣ ਸਮੇਂ ਧਾਰਮਿਕ ਮਰਿਆਦਾ ਦੀ ਉਲੰਘਣਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੂੰ ਤਲਬ ਕਰਕੇ ਸਪੱਸ਼ਟੀਕਰਨ ਮੰਗਿਆ ਹੈ। ਇਹ ਸਪੱਸ਼ਟੀਕਰਨ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਅਤੇ ਇਸ ਵਿਭਾਗ ਦੇ ਡਾਇਰੈਕਟਰ ਪਾਸੋਂ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਮਰਿਆਦਾ ਵਿਰੁੱਧ ਪੇਸ਼ਕਾਰੀ ਕਰਨ ਦੇ ਦੋਸ਼ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫੋਂ ਮੰਗਿਆ ਗਿਆ ਹੈ।

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੂੰ ਆਪਣਾ ਸਪੱਸ਼ਟੀਕਰਨ ਇਕ ਹਫ਼ਤੇ ਦੇ ਅੰਦਰ-ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਦੇਣ ਲਈ ਆਖਿਆ ਗਿਆ ਹੈ ਜਦੋਂਕਿ ਵਿਭਾਗ ਦੇ ਡਾਇਰੈਕਟਰ ਲਿਖਤੀ ਰੂਪ ਵਿਚ ਸਪੱਸ਼ਟੀਕਰਨ ਭੇਜਣ ਦੇ ਆਦੇਸ਼ ਕੀਤੇ ਗਏ ਹਨ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵੱਲੋਂ ਕੈਬਨਿਟ ਮੰਤਰੀ ਅਤੇ ਵਿਭਾਗ ਦੇ ਡਾਇਰੈਕਟਰ ਨੂੰ ਦੋ ਵੱਖ-ਵੱਖ ਪੱਤਰ ਭੇਜੇ ਗਏ ਹਨ। ਇਨ੍ਹਾਂ ਪੱਤਰਾਂ ਵਿਚ ਆਖਿਆ ਗਿਆ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਈ ਸ਼ਿਕਾਇਤਾਂ ਪੁੱਜੀਆਂ ਹਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਮਰਿਆਦਾ ਦੀ ਉਲੰਘਣਾ ਸਬੰਧੀ ਦੋਸ਼ ਲਾਏ ਗਏ ਹਨ।

ਪੱਤਰ ਵਿਚ ਭਾਈ ਜੈਤਾ ਜੀ ਯਾਦਗਾਰ ਵਿਖੇ ਅੰਮ੍ਰਿਤ ਸੰਚਾਰ ਸਬੰਧੀ ਬਣਾਈਆਂ ਗਈਆਂ ਤਸਵੀਰਾਂ ਬਾਰੇ ਇਤਰਾਜ਼ ਪ੍ਰਗਟ ਕੀਤਾ ਗਿਆ ਹੈ। ਜਿਸ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਪੰਜ ਪਿਆਰਿਆਂ ਨੂੰ ਅੰਮ੍ਰਿਤ ਸੰਚਾਰ ਵੇਲੇ ਜੋੜੇ ਪਾਏ ਹੋਏ ਦਿਖਾਇਆ ਗਿਆ ਹੈ। ਇਨ੍ਹਾਂ ਵਿਚ ਹੋਰ ਵੀ ਕਈ ਖਾਮੀਆਂ ਦੱਸੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਨੂੰ ਅੰਮ੍ਰਿਤ ਸੰਚਾਰ ਦੀ ਮਰਿਆਦਾ ਦੇ ਉਲਟ ਆਖਿਆ ਗਿਆ ਹੈ। ਇਸ ਮਾਮਲੇ ਵਿਚ ਕੈਬਨਿਟ ਮੰਤਰੀ ਨੂੰ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੇਸ਼ ਹੋ ਕੇ ਲਿਖਤੀ ਸਪੱਸ਼ਟੀਕਰਨ ਦੇਣ ਜਦੋਂ ਕਿ ਡਾਇਰੈਕਟਰ ਨੂੰ ਲਿਖਤੀ ਸਪਸ਼ਟੀਕਰਨ ਭੇਜਣ ਦੀ ਹਦਾਇਤ ਕੀਤੀ ਗਈ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS