ਜਲੰਧਰ/ਚੰਡੀਗੜ੍ਹ-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਵਿਰੋਧੀ ਦਲ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਆਪਣੀ ਹਾਰ ਨੂੰ ਸਾਹਮਣੇ ਵੇਖਦੇ ਹੋਏ ਸਰਕਾਰ ਅਤੇ ਪੁਲਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਰਾਜ ਵਿਚ ਕਾਂਗਰਸ ਅਤੇ ਅਕਾਲੀਆਂ ਨੇ ਇਨ੍ਹਾਂ ਚੋਣਾਂ ਵਿਚ ਧੱਕੇਸ਼ਾਹੀ ਅਤੇ ਗੁੰਡਾਗਰਦੀ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਵੇਖਦਿਆਂ ਜਨਤਾ ਵੱਲੋਂ ਮੂੰਹ-ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਚੋਣ ਪੂਰੀ ਤਰ੍ਹਾਂ ਨਿਰਪੱਖ ਤੌਰ ’ਤੇ ਹੋਣ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ’ਤੇ ਹਮਲੇ ਵੀ ਕੀਤੇ ਜਾ ਰਹੇ ਹਨ।
ਧਾਲੀਵਾਲ ਨੇ ਕਿਹਾ ਕਿ ਕਾਂਗਰਸ ਦੇ ਇਕ ਨੇਤਾ ਨੇ ਇਹ ਵੀ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਉਨ੍ਹਾਂ ਦੇ ਪੈਰਾਂ ’ਤੇ ਬੈਠਦੇ ਰਹੇ ਹਨ। ਉਨ੍ਹਾਂ ਦੀ ਅਜਿਹੀ ਮਾਨਸਿਕਤਾ ਜਨਤਾ ਦੇ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੇਗੀ। ਅਸੀਂ ਪੌਣੇ 4 ਸਾਲਾਂ ਤੱਕ ਕੰਮ ਕੀਤਾ ਹੈ ਜਦਕਿ ਵਿਰੋਧੀ ਦਲ ਗੁੰਡਾਗਰਦੀ ਵਿਖਾ ਕੇ ਵੋਟਾਂ ਲੈਣਾ ਚਾਹੁੰਦੇ ਹਨ। ਜਿਵੇਂ ਕਿ ਅਕਾਲੀ ਦਲ ਨੇ ਤਰਨਤਾਰਨ ਉਪ-ਚੋਣ ਦੌਰਾਨ ਵੋਟਰਾਂ ਨੂੰ ਡਰਾਉਣ-ਧਮਕਾਉਣ ਦਾ ਕੰਮ ਕੀਤਾ ਸੀ।
Credit : www.jagbani.com