ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀ. ਏ. ਸਤਿੰਦਰ ਸਿੰਘ ਕੋਹਲੀ ਦੀ ਗ੍ਰਿਫ਼ਤਾਰੀ 'ਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ 3 ਸਾਲਾਂ ਤੋਂ ਸਿੱਖ ਸੰਗਤਾਂ ਵਲੋਂ ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਕਾਰਵਾਈ ਦੀ ਉਡੀਕ ਕੀਤੀ ਜਾ ਰਹੀ ਸੀ ਅਤੇ ਅੱਜ ਪੰਜਾਬ ਪੁਲਸ ਵਲੋਂ ਇਸ ਮਾਮਲੇ ਸਬੰਧੀ ਪਹਿਲੀ ਗ੍ਰਿਫ਼ਤਾਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਨਿਰਦੇਸ਼ਾਂ 'ਤੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ 'ਚ ਸਿੱਟ ਬਣਾਈ ਗਈ ਸੀ, ਜਿਸ ਨੇ ਅੱਜ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਕੀਤੀ, ਜਦੋਂ ਚੰਡੀਗੜ੍ਹ ਦੇ ਇਕ ਹੋਟਲ 'ਚੋਂ ਸੀ. ਏ. ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਧਾਲੀਵਾਲ ਨੇ ਕਿਹਾ ਕਿ ਅਜਿਹਾ ਮੰਨਿਆ ਜਾਂਦਾ ਹੈ ਕਿ ਸਤਿੰਦਰ ਸਿੰਘ ਕੋਹਲੀ ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ 'ਚ ਮੁੱਖ ਮੁਲਜ਼ਮ ਹਨ। ਲਾਪਤਾ ਪਾਵਨ ਸਰੂਪਾਂ ਦੀ ਜਾਂਚ ਲਈ ਸਿੱਖ ਸੰਗਤਾਂ ਵਲੋਂ ਪਿਛਲੇ ਸਾਲਾਂ ਤੋਂ ਧਰਨੇ ਵੀ ਲਾਏ ਗਏ ਸਨ ਅਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਅੱਜ ਇਸ ਮਾਮਲੇ 'ਚ ਪਹਿਲੀ ਗ੍ਰਿਫ਼ਤਾਰੀ ਹੋਈ ਹੈ। ਧਾਲੀਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲਾਪਤਾ ਕਰਨ ਵਾਲੇ ਸਾਰੇ ਦੋਸ਼ੀ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਜਾਣਗੇ। ਉਨ੍ਹਾਂ ਕਿਹਾ ਕਿ ਮੈਂ ਸਿੱਖ ਸੰਗਤਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਸ ਮਾਮਲੇ ਦੇ ਸਾਰੇ 16 ਦੋਸ਼ੀਆਂ ਨੂੰ ਫੜ੍ਹ ਕੇ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਭੇਜਿਆ ਜਾਵੇਗਾ। ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀ. ਏ. ਸਤਿੰਦਰ ਸਿੰਘ ਕੋਹਲੀ ਨੂੰ ਅੱਜ ਚੰਡੀਗੜ੍ਹ ਦੇ ਇਕ ਹੋਟਲ 'ਚੋਂ ਗ੍ਰਿਫ਼ਤਾਰ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com