ਬਠਿੰਡਾ : ਬਠਿੰਡਾ 'ਚ ਸੰਭਾਵਿਤ ਗੈਂਗਵਾਰ ਦੀ ਵੱਡੀ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰਦਿਆਂ ਥਾਣਾ ਥਰਮਲ ਪੁਲਸ ਨੇ ਤਿੰਨ ਗੈਂਗਸਟਰਾਂ ਨੂੰ ਚਾਰ ਵਿਦੇਸ਼ੀ ਪਿਸਤੌਲਾਂ ਅਤੇ 26 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਤੋਂ ਇੱਕ ਬਿਨਾਂ ਨੰਬਰ ਦੀ ਵਰਨਾ ਕਾਰ ਵੀ ਬਰਾਮਦ ਕੀਤੀ ਗਈ ਹੈ।
ਪੁਲਸ ਨੇ ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਗਿੱਲ ਪੱਟੀ, ਗੁਰਵਿੰਦਰ ਸਿੰਘ ਨਿਵਾਸੀ ਕੋਟਸ਼ਾਮੀਰ ਅਤੇ ਗਗਨਦੀਪ ਸਿੰਘ ਨਿਵਾਸੀ ਭੋਖੜਾ, ਜ਼ਿਲ੍ਹਾ ਬਠਿੰਡਾ ਵਜੋਂ ਕੀਤੀ ਹੈ। ਤਿੰਨਾਂ ਖ਼ਿਲਾਫ਼ ਥਾਣਾ ਥਰਮਲ 'ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਥਾਣਾ ਥਰਮਲ ਦੇ ਐੱਸਐੱਚਓ ਗੁਦਰਸ਼ਨ ਸਿੰਘ ਨੇ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਸ ਪਾਰਟੀ ਬੀਤੇ ਦਿਨ ਟਰਾਂਸਪੋਰਟ ਨਗਰ ਨੇੜੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਇੱਕ ਬਿਨਾਂ ਨੰਬਰ ਦੀ ਵਰਨਾ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ 'ਚ ਸਵਾਰ ਤਿੰਨਾਂ ਨੌਜਵਾਨਾਂ ਕੋਲੋਂ ਚਾਰ ਵਿਦੇਸ਼ੀ ਪਿਸਤੌਲ ਤੇ 26 ਜਿੰਦਾ ਕਾਰਤੂਸ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਕਾਰ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਿੱਥੋਂ ਲਿਆਂਦੀ ਗਈ ਅਤੇ ਕਿਸ ਦੇ ਨਾਮ ’ਤੇ ਹੈ।
ਗੈਂਗਵਾਰ ਦੀ ਸਾਜ਼ਿਸ਼, ਜ਼ਿਲ੍ਹੇ ਦਾ ਗੈਂਗਸਟਰ ਸੀ ਨਿਸ਼ਾਨੇ ’ਤੇ
ਪੁਲਸ ਸੂਤਰਾਂ ਮੁਤਾਬਕ ਸ਼ੁਰੂਆਤੀ ਪੁੱਛਗਿੱਛ 'ਚ ਮੁਲਜ਼ਮਾਂ ਨੇ ਕਬੂਲਿਆ ਹੈ ਕਿ ਉਹ ਬਠਿੰਡਾ 'ਚ ਗੈਂਗਵਾਰ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ ਅਤੇ ਉਨ੍ਹਾਂ ਦੇ ਨਿਸ਼ਾਨੇ ’ਤੇ ਜ਼ਿਲ੍ਹੇ ਦਾ ਇੱਕ ਵਾਂਟਡ ਗੈਂਗਸਟਰ ਸੀ। ਹਾਲਾਂਕਿ ਇਸ ਬਾਰੇ ਪੁਲਸ ਅਧਿਕਾਰੀਆਂ ਵੱਲੋਂ ਹਜੇ ਤੱਕ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ ਹੈ।
ਪੁਲਸ ਹੁਣ ਮੁਲਜ਼ਮਾਂ ਦੇ ਅਪਰਾਧਿਕ ਰਿਕਾਰਡ, ਹਥਿਆਰਾਂ ਦੀ ਸਪਲਾਈ ਲਾਈਨ ਅਤੇ ਉਨ੍ਹਾਂ ਦੇ ਸੰਪਰਕਾਂ ਦੀ ਗਹਿਰੀ ਜਾਂਚ ਕਰ ਰਹੀ ਹੈ। ਇਸ ਕਾਰਵਾਈ ਨੂੰ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਦੀ ਦਿਸ਼ਾ ਵਿੱਚ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com