ਬਠਿੰਡਾ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਦਿੱਲੀ ਵਿਧਾਨ ਸਭਾ ਦੇ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਸਖਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ’ਚ ਫਿਰਕੂ ਹਿੰਸਾ ਭੜਕਾਉਣ ਦੀ ਘਟੀਆ ਸਾਜ਼ਿਸ਼ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਵੀਡੀਓ ਨੂੰ ਐਡਿਟ ਕਰ ਕੇ ਇਸ ’ਚ ਜਾਣਬੁੱਝ ਕੇ ਗਲਤ ਸ਼ਬਦਾਵਲੀ ਸ਼ਾਮਲ ਕੀਤੀ ਗਈ ਹੈ, ਜੋ ਕਿ ਸਿੱਖ ਧਰਮ ਦੀ ਘੋਰ ਬੇਅਦਬੀ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਫੋਰੈਂਸਿਕ ਜਾਂਚ ਰਿਪੋਰਟ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਤਿਸ਼ੀ ਨੇ ਆਪਣੇ ਬਿਆਨ ’ਚ ਕਿਤੇ ਵੀ ‘ਗੁਰੂ’ ਸ਼ਬਦ ਬੋਲਿਆ ਹੀ ਨਹੀਂ।
ਭਾਜਪਾ ਨੇਤਾ ਕਪਿਲ ਮਿਸ਼ਰਾ ਵਿਰੁੱਧ ਪੰਜਾਬ ਪੁਲਸ ਦੀ ਕਾਰਵਾਈ ਨੂੰ ਜਾਇਜ਼ ਦੱਸਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਝੂਠੀ ਵੀਡੀਓ ਕਲਿਪ ਵਿਧਾਨ ਸਭਾ ਦੇ ਅਧਿਕਾਰਤ ਰਿਕਾਰਡ ’ਚ ਕਿਤੇ ਵੀ ਨਹੀਂ ਹੈ ਅਤੇ ਭਾਜਪਾ ਚੰਡੀਗੜ੍ਹ, ਬੀ. ਬੀ. ਐੱਮ. ਬੀ. ਅਤੇ ਪੰਜਾਬ ਯੂਨੀਵਰਸਿਟੀ ਵਰਗੇ ਆਦਿ ਮੁੱਦਿਆਂ ’ਤੇ ਪੰਜਾਬ ਵਿਰੋਧੀ ਮਾਨਸਿਕਤਾ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ’ਚ ਵਿਰੋਧੀ ਧਿਰ ਦੇ ਨੇਤਾ ਘਟੀਆ ਰਾਜਨੀਤੀ ਕਰਦਿਆਂ ਸੂਬਾ ਸਰਕਾਰ ਵਿਰੁੱਧ ਕੋਈ ਠੋਸ ਮੁੱਦਾ ਨਾ ਹੋਣ ਕਰ ਕੇ ਇਸ ਝੂਠ ਦਾ ਬਚਾਅ ਕਰਨ ਲਈ ਤਰਲੋ-ਮੱਛੀ ਹੋ ਰਹੇ ਹਨ।
ਬਠਿੰਡਾ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸ਼ੁਰੂਆਤ ਤੋਂ ਹੀ ਭਾਜਪਾ ਨੇ ਫਿਰਕਾਪ੍ਰਸਤੀ, ਵੰਡ ਅਤੇ ਨਫਰਤ ਦੀ ਰਾਜਨੀਤੀ ਕੀਤੀ ਹੈ ਅਤੇ ਇਸੇ ਦੇ ਹਿੱਸੇ ਵਜੋਂ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਭਾਜਪਾ ਨੇ ਪੰਜਾਬ ’ਚ ਲੋਕਾਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਲਈ ਇਸ ਏਜੰਡੇ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ।
ਉਨ੍ਹਾਂ ਨੇ ਕਿਹਾ ਕਿ ਆਪਣੇ ਸੌੜੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨਾ ਭਗਵਾ ਪਾਰਟੀ ਦੀ ਪੁਰਾਣੀ ਰਣਨੀਤੀ ਹੈ ਅਤੇ ਇਸ ਕਾਰਵਾਈ ਨੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਇਹ ਘਟੀਆ ਹਰਕਤ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਜ਼ਰੂਰ ਮਿਲੇਗੀ।
ਉਨ੍ਹਾਂ ਕਿਹਾ ਕਿ ਵੀਡੀਓ ਨਾਲ ਛੇੜਛਾੜ ਬਾਰੇ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਕਿਉਂਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਵੱਲੋਂ ਸਦਨ ਦੀ ਕਾਰਵਾਈ ’ਚ ਇਹ ਸ਼ਬਦ ਕਿਤੇ ਵੀ ਬੋਲੇ ਦਿਖਾਈ ਨਹੀਂ ਦਿੰਦੇ। ਕਪਿਲ ਮਿਸ਼ਰਾ ’ਤੇ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
Credit : www.jagbani.com