ਜਲੰਧਰ- ਸਤਿਗੁਰੂ ਸ਼੍ਰੀ ਗੁਰੂ ਰਵਿਦਾਸ ਜੀ ਦਾ 649ਵਾਂ ਜਨਮ ਦਿਹਾੜਾ 1 ਫਰਵਰੀ ਨੂੰ ਦੇਸ਼ ਭਰ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੇ ਮੱਦੇਨਜ਼ਰ ਅੱਜ ਜਲੰਧਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜੋ ਬੂਟਾ ਮੰਡੀ ਸਥਿਤ ਸ਼੍ਰੀ ਗੁਰੂ ਰਵਿਦਾਸ ਧਾਮ ਤੋਂ ਸ਼ੁਰੂ ਹੋਵੇਗੀ। ਉਥੇ ਹੀ ਇਸ ਖ਼ਾਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਬੂਟਾ ਮੰਡੀ ਸਥਿਤ ਸ਼੍ਰੀ ਗੁਰੂ ਰਵਿਦਾਸ ਧਾਮ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਉਨ੍ਹਾਂ ਪੰਜਾਬ ਵਾਸੀਆਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ।

ਸੁਖਬੀਰ ਬਾਦਲ ਨੇ ਕਿਹਾ ਕਿ ਹਰ ਸਾਲ ਵਾਂਗ ਬੂਟਾ ਮੰਡੀ ਵਿੱਚ ਸ਼੍ਰੀ ਰਵਿਦਾਸ ਧਾਮ ਤੋਂ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਂਦੀ ਹੈ। ਇਸ ਦੌਰਾਨ ਲੱਖਾਂ ਸ਼ਰਧਾਲੂ ਸ਼ੋਭਾ ਯਾਤਰਾ ਵਿਚ ਸ਼ਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਕ ਅਜਿਹਾ ਸੂਬਾ ਹੈ ਜਿੱਥੇ ਸਾਰੇ ਧਰਮਾਂ ਦੇ ਲੋਕ ਮਿਲਜੁਲ ਕੇ ਇਕੱਠੇ ਰਹਿੰਦੇ ਹਨ। ਇਹ ਇਕ ਅਜਿਹਾ ਸੂਬਾ ਹੈ ਜਿੱਥੇ ਸਾਰੇ ਧਰਮਾਂ ਦੇ ਲੋਕ ਪਿਆਰ ਅਤੇ ਸਨੇਹ ਨਾਲ ਇਕੱਠੇ ਰਹਿੰਦੇ ਹਨ ਅਤੇ ਇਹ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੇ ਇਕੱਠੇ ਹੋ ਕੇ ਪੰਜਾਬ ਅਤੇ ਦੇਸ਼ ਨੂੰ ਮਜ਼ਬੂਤ ਕਰਨ। ਬਾਦਲ ਨੇ ਕਿਹਾ ਕਿ ਪੰਜਾਬ ਸਾਡਾ ਘਰ ਹੈ ਅਤੇ ਜੇਕਰ ਸਾਡਾ ਘਰ ਮਜ਼ਬੂਤ ਹੈ, ਤਾਂ ਸਭ ਕੁਝ ਠੀਕ ਰਹੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ ਬਾਰੇ ਉਨ੍ਹਾਂ ਨੇ ਕਿਹਾ ਕਿ ਇਸ ਪਵਿੱਤਰ ਮੌਕੇ 'ਤੇ ਜੋ ਵੀ ਆਏ, ਉਸ ਦਾ ਦਿਲੋਂ ਧੰਨਵਾਦ ਕਰਦਾ ਹਾਂ।
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੂਟਾ ਮੰਡੀ ਤੋਂ ਸ਼ੁਰੂ ਹੋਣ ਵਾਲੀ ਸ਼ੋਭਾ ਯਾਤਰਾ ਅਤੇ ਤਿੰਨ ਦਿਨਾਂ ਦੇ ਮੇਲੇ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਸ਼ੁਭ ਮੌਕੇ ਲਈ ਸ਼ਹਿਰ ਨੂੰ ਰੰਗ-ਬਿਰੰਗੀਆਂ ਲਾਈਟਾਂ ਅਤੇ ਸਜਾਵਟ ਨਾਲ ਸਜਾਇਆ ਗਿਆ ਹੈ। ਸ਼ੋਭਾ ਯਾਤਰਾ ਅਤੇ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਵੇਖਦੇ ਹੋਏ ਟ੍ਰੈਫਿਕ ਪੁਲਸ ਨੇ ਸ਼ਹਿਰ ਨੂੰ ਕਈ ਜ਼ੋਨਾਂ ਵਿੱਚ ਵੰਡਿਆ ਹੈ ਅਤੇ ਰੂਟ ਡਾਇਵਰਟ ਕੀਤਾ ਗਿਆ ਹੈ। 31 ਜਨਵਰੀ ਨੂੰ ਸਵੇਰੇ 9 ਵਜੇ ਤੋਂ ਰਾਤ 8 ਵਜੇ ਤੱਕ ਮੁੱਖ ਸੜਕਾਂ 'ਤੇ ਆਵਾਜਾਈ ਨੂੰ ਕੰਟਰੋਲ ਕੀਤਾ ਜਾਵੇਗਾ, ਜਦਕਿ ਕੁਝ ਰੂਟਾਂ 'ਤੇ ਪਾਬੰਦੀਆਂ 1 ਫਰਵਰੀ ਤੱਕ ਜਾਰੀ ਰਹਿ ਸਕਦੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com