ਲੁਧਿਆਣਾ- ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਡਾ. ਰਾਜ ਕੁਮਾਰ ਵੇਰਕਾ ਅਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸੈਕਟਰੀ ਰਾਹੁਲ ਡੁਲਗਚ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ ਬਦਲਾਅ ਦੇ ਨਾਂ ’ਤੇ ਬਣੀ ਸਰਕਾਰ ਤੋਂ ਅੱਜ ਹਰ ਵਰਗ ਦੁਖੀ ਹੈ ਅਤੇ ਇਸ ਸਰਕਾਰ ਨੇ ਸਭ ਤੋਂ ਵੱਡਾ ਡਾਕਾ ਐੱਸ. ਸੀ. ਸਮਾਜ ਦੇ ਹੱਕਾਂ ’ਤੇ ਮਾਰਿਆ ਹੈ।
ਉਕਤ ਆਗੂਆਂ ਨੇ ਕਿਹਾ ਕਿ ਆਪਣੀਆਂ ਨਾਕਾਮੀਆਂ ਲੁਕੋਣ ਲਈ ਸਰਕਾਰ ਬੌਖਲਾਹਟ ’ਚ ਆ ਕੇ ‘ਪੰਜਾਬ ਕੇਸਰੀ’ ਸਮੂਹ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੁਪਰੀਮ ਕੋਰਟ ਵੱਲੋਂ ਮਿਲੀ ਰਾਹਤ ਨਾਲ ਸਰਕਾਰ ਨੂੰ ਮੂੰਹ ਦੀ ਖਾਣੀ ਪਈ ਹੈ। ਡਾ. ਵੇਰਕਾ ਨੇ ਕਿਹਾ ਕਿ ‘ਪੰਜਾਬ ਕੇਸਰੀ’ ਹਮੇਸ਼ਾ ਸੱਚ ਦੀ ਆਵਾਜ਼ ਬੁਲੰਦ ਕਰਦਾ ਹੈ, ਜਿਸ ਨੂੰ ਕੇਜਰੀਵਾਲ ਅਤੇ ਭਗਵੰਤ ਮਾਨ ਸਰਕਾਰ ਨਾ ਤਾਂ ਦਬਾ ਸਕੇਗੀ ਅਤੇ ਨਾ ਹੀ ਡਰਾ ਸਕੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮਾਮਲੇ ’ਚ ਸਮੁੱਚਾ ਐੱਸ. ਸੀ. ਸਮਾਜ ਅਤੇ ਕਾਂਗਰਸ ਪਾਰਟੀ ਅਦਾਰੇ ਨਾਲ ਡਟ ਕੇ ਖੜ੍ਹੀ ਹੈ।
ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਪੰਜਾਬ ’ਚ ਲਾਅ ਐਂਡ ਆਰਡਰ ਪੂਰੀ ਤਰ੍ਹਾਂ ਫੇਲ ਹੋ ਚੁੱਕਾ ਹੈ। ਜਦੋਂ ਪੁਲਸ ਥਾਣੇ ਹੀ ਸੁਰੱਖਿਅਤ ਨਹੀਂ, ਤਾਂ ਆਮ ਜਨਤਾ ਦੀ ਸੁਰੱਖਿਆ ਕਿਵੇਂ ਹੋਵੇਗੀ?
Credit : www.jagbani.com