ਪਟਿਆਲਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪਟਿਆਲਾ ਵਿਚ ਇਕ ਬਿਆਨ ਦੌਰਾਨ ਪੰਜਾਬ ਦੀ ਮੌਜੂਦਾ 'ਆਪ' ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਅੱਜ ਭ੍ਰਿਸ਼ਟਾਚਾਰ ਸਿਖਰਾਂ 'ਤੇ ਹੈ ਅਤੇ ਬਿਨਾਂ ਪੈਸੇ ਦਿੱਤੇ ਕੋਈ ਵੀ ਸਰਕਾਰੀ ਕੰਮ ਨੇਪਰੇ ਨਹੀਂ ਚੜ੍ਹਦਾ। ਨਾਇਬ ਸੈਣੀ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਹੜੇ ਆਗੂ ਆਪਣੇ ਆਪ ਨੂੰ ਇਮਾਨਦਾਰ ਦੱਸਦੇ ਸਨ, ਉਹ ਅੱਜ ਜ਼ਮਾਨਤ 'ਤੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ 'ਸ਼ਵੇਤ ਪੱਤਰ' ਜਾਰੀ ਕਰਕੇ ਦੱਸਣ ਕਿ ਉਨ੍ਹਾਂ ਨੇ ਹੁਣ ਤੱਕ ਕਿੰਨੇ ਵਾਅਦੇ ਪੂਰੇ ਕੀਤੇ ਹਨ।
ਸੈਣੀ ਨੇ ਤੁਲਨਾ ਕਰਦਿਆਂ ਦੱਸਿਆ ਕਿ ਹਰਿਆਣਾ ਵਿਚ ਭਾਜਪਾ ਸਰਕਾਰ ਬਜ਼ੁਰਗਾਂ ਨੂੰ 3200 ਰੁਪਏ ਪੈਨਸ਼ਨ ਦੇ ਰਹੀ ਹੈ, ਜਦਕਿ ਪੰਜਾਬ ਵਿਚ ਚੋਣਾਂ ਦੌਰਾਨ 2500 ਰੁਪਏ ਦਾ ਵਾਅਦਾ ਕਰਕੇ ਸਿਰਫ਼ 1500 ਰੁਪਏ ਦਿੱਤੇ ਜਾ ਰਹੇ ਹਨ। ਸੈਣੀ ਅਨੁਸਾਰ, ਸਰਕਾਰ ਨੇ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਇਸ ਨੂੰ ਹੋਰ ਵਧਾ ਦਿੱਤਾ ਹੈ। ਇਸ ਕਾਰਨ ਪੰਜਾਬ ਦੇ ਨੌਜਵਾਨ ਮਜਬੂਰ ਹੋ ਕੇ 'ਡੰਕੀ ਰੂਟ' ਰਾਹੀਂ ਵਿਦੇਸ਼ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਸਰਕਾਰ ਨੇ ਇੱਕ ਸਾਲ ਵਿਚ 34,000 ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਹੈ, ਜਦਕਿ ਪੰਜਾਬ ਸਰਕਾਰ ਵਿਕਾਸ ਦੇ ਪੈਸੇ ਨੂੰ ਇਸ਼ਤਿਹਾਰਾਂ 'ਤੇ ਖਰਚ ਕਰ ਰਹੀ ਹੈ ਅਤੇ ਮੁੱਖ ਮੰਤਰੀ ਸਿਰਫ਼ ਚੁਟਕਲਿਆਂ ਨਾਲ ਜਨਤਾ ਦਾ ਢਿੱਡ ਭਰ ਰਹੇ ਹਨ। ਨਾਇਬ ਸੈਣੀ ਨੇ ਵੱਡਾ ਦਾਅਵਾ ਕੀਤਾ ਕਿ ਆਉਣ ਵਾਲਾ ਸਮਾਂ ਪੰਜਾਬ ਵਿਚ ਭਾਜਪਾ ਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਇਆ ਜਾਵੇਗਾ ਅਤੇ 2027 ਵਿਚ ਸਰਕਾਰ ਬਣਨ 'ਤੇ ਹਰਿਆਣਾ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਪੰਜਾਬ ਵਿਚ ਵੀ ਲਾਗੂ ਕੀਤੀਆਂ ਜਾਣਗੀਆਂ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com