'ਲੋਕਾਂ ਦੀ ਸਾਰ ਲੈਣ ਲਈ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ': ਹਰਸਿਮਰਤ ਬਾਦਲ

'ਲੋਕਾਂ ਦੀ ਸਾਰ ਲੈਣ ਲਈ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ': ਹਰਸਿਮਰਤ ਬਾਦਲ

ਬਠਿੰਡਾ : ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਜਿੱਥੇ ਹਲਕੇ ਅੰਦਰ ਬੂਥ ਕਮੇਟੀਆਂ ਨਾਲ ਮੀਟਿੰਗ ਕੀਤੀ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਰਕਾਰ ਬਣਨ ਤੇ ਕੀਤੇ ਗਏ ਐਲਾਨਾਂ ਬਾਰੇ ਵੀ ਦੱਸਿਆ।

ਉਥੇ ਹੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਨੇ ਪੰਜਾਬ ਵਿੱਚ ਵਧ ਰਹੇ ਗੈਂਗਸਟਰਵਾਦ ਅਤੇ ਸਰਕਾਰੀ ਮਸ਼ੀਨਰੀ ਦੀ ਸਿਆਸੀ ਦੁਰਵਰਤੋਂ 'ਤੇ ਗੰਭੀਰ ਸਵਾਲ ਚੁੱਕੇ ਹਨ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਹਾਲਾਤ ਬਹੁਤ ਮਾੜੇ ਹਨ ਅਤੇ ਲੋਕਾਂ ਦੀ ਸਾਰ ਲੈਣ ਵਾਲੀ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਰਹਿ ਗਈ। ਉਨ੍ਹਾਂ ਦੋਸ਼ ਲਾਇਆ ਕਿ ਗੈਂਗਸਟਰ ਬੇਖੌਫ਼ ਹੋ ਚੁੱਕੇ ਹਨ, ਉਹ ਚਾਹੇ ਵਿਆਹ ਹੋਵੇ, ਘਰ, ਦਫ਼ਤਰ ਜਾਂ ਕਬੱਡੀ ਦਾ ਮੈਦਾਨ ਵੜ ਕੇ ਕਤਲ ਕਰ ਦਿੰਦੇ ਹਨ। ਉਨ੍ਹਾਂ ਨੇ ਇੱਕ ਨਵੀਂ ਖ਼ਤਰਨਾਕ ਪ੍ਰਵਿਰਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਅਜਿਹੇ ਪਰਿਵਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਿਨ੍ਹਾਂ ਦਾ ਇਕਲੌਤਾ ਬੱਚਾ ਹੈ। ਉਨ੍ਹਾਂ ਨੂੰ ਫੋਨ ਕਰਕੇ ਵੰਸ਼ ਖ਼ਤਮ ਕਰਨ ਦੀ ਧਮਕੀ ਦਿੱਤੀ ਜਾਂਦੀ ਹੈ ਅਤੇ ਡਰ ਦੇ ਮਾਰੇ ਲੋਕ ਚੁੱਪ-ਚੁਪੀਤੇ ਪੈਸੇ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਦਹਿਸ਼ਤ ਦੇ ਮਾਹੌਲ ਵਿੱਚ ਨਾ ਤਾਂ ਕੇਜਰੀਵਾਲ ਨੂੰ ਕੋਈ ਪਰਵਾਹ ਹੈ ਅਤੇ ਨਾ ਹੀ ਭਗਵੰਤ ਮਾਨ ਨੂੰ, ਕਿਉਂਕਿ ਮੁੱਖ ਮੰਤਰੀ ਨੂੰ ਤਾਂ "ਨਸ਼ੇ ਤੋਂ ਹੀ ਵਿਹਲ ਨਹੀਂ"। ਉਨ੍ਹਾਂ ਅਫ਼ਸੋਸ ਜਤਾਇਆ ਕਿ ਪੰਜਾਬ ਦੀ ਸਾਰ ਲੈਣ ਵਾਲਾ ਕੋਈ ਨਹੀਂ ਹੈ। ਪਿਛਲੇ ਦਿਨੀਂ ਹੋਈ ਇੱਕ ਰੈਲੀ ਦਾ ਜ਼ਿਕਰ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਸਰਕਾਰ ਇਸ ਨੂੰ ਨਸ਼ੇ ਵਿਰੁੱਧ ਸਰਕਾਰੀ ਰੈਲੀ ਦੱਸ ਰਹੀ ਹੈ, ਪਰ ਅਸਲ ਵਿੱਚ ਇਹ 'ਆਪ' ਦੀ ਸਿਆਸੀ ਰੈਲੀ ਸੀ। ਉਨ੍ਹਾਂ ਇਲਜ਼ਾਮ ਲਾਇਆ ਕਿ ਸਰਕਾਰੀ ਬੱਸਾਂ ਅਤੇ ਖ਼ਰਚੇ 'ਤੇ ਪਾਰਟੀ ਦਾ ਪ੍ਰਚਾਰ ਕੀਤਾ ਗਿਆ, ਜਿੱਥੇ ਆਮ ਆਦਮੀ ਪਾਰਟੀ ਦੇ ਝੰਡੇ ਲੱਗੇ ਸਨ ਅਤੇ ਸਟੇਜ ਤੋਂ ਵਿਰੋਧੀਆਂ ਨੂੰ ਭੰਡਿਆ ਜਾ ਰਿਹਾ ਸੀ।

ਹਰਸਿਮਰਤ ਕੌਰ ਬਾਦਲ ਨੇ ਸਭ ਤੋਂ ਵੱਡਾ ਇਤਰਾਜ਼ ਸੂਬੇ ਦੇ ਚੋਟੀ ਦੇ ਅਧਿਕਾਰੀਆਂ ਦੀ ਮੌਜੂਦਗੀ 'ਤੇ ਜਤਾਇਆ। ਉਨ੍ਹਾਂ ਕਿਹਾ ਕਿ ਇਹ ਦੁਖਦਾਈ ਹੈ ਕਿ ਜਿਨ੍ਹਾਂ ਅਫ਼ਸਰਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਡਿਊਟੀ ਕਰਨੀ ਹੁੰਦੀ ਹੈ, ਉਹ ਸਿਆਸੀ ਸਟੇਜਾਂ 'ਤੇ ਚੜ੍ਹ ਕੇ ਪਾਰਟੀ ਦਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਚੀਫ਼ ਸੈਕਟਰੀ (ਮੁੱਖ ਸਕੱਤਰ) ਅਤੇ DGP ਵੱਲੋਂ ਪਾਰਟੀ ਦਾ ਪ੍ਰਚਾਰ ਕਰਨ ਦੇ ਮਾਮਲੇ ਦਾ ਦਿੱਲੀ (ਕੇਂਦਰ) ਨੂੰ ਸਖ਼ਤ ਿਸ ਲੈਣਾ ਚਾਹੀਦਾ ਹੈ ਅਤੇ ਕਾਨੂੰਨ ਅਨੁਸਾਰ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
 

Credit : www.jagbani.com

  • TODAY TOP NEWS