ਜਲੰਧਰ- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ 'ਚ ਚੱਲ ਰਹੀ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਤਿੱਖਾ ਮੋਰਚਾ ਖੋਲ੍ਹ ਦਿੱਤਾ ਹੈ। ਬਾਜਵਾ ਨੇ ਦੋਸ਼ ਲਾਇਆ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਮਾਫ਼ੀਆ ਬੇਖ਼ੌਫ਼ ਵੱਧਦਾ ਜਾ ਰਿਹਾ ਹੈ ਜਦਕਿ ਸੂਬਾ ਸਰਕਾਰ ਨੇ ਇਸ ਮਾਮਲੇ 'ਚ ਜਾਣਬੁੱਝ ਕੇ ਚੁੱਪ ਧਾਰੀ ਹੋਈ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਐੱਨ. ਜੀ. ਟੀ. ਦਾ ਹਵਾਲਾ ਦਿੰਦੇ ਕਿਹਾ ਕਿ ਜਿਸ ਨੂੰ ਸਰਕਾਰ ਵੱਲੋਂ "ਨਦੀਆਂ ਦੀ ਸਫ਼ਾਈ" (River Desilting) ਅਤੇ "ਪਹਾੜੀ ਮਾਈਨਿੰਗ" ਦਾ ਨਾਂ ਦਿੱਤਾ ਜਾ ਰਿਹਾ ਸੀ ਉਹ ਅਸਲ ਵਿੱਚ ਵਾਤਾਵਰਣ ਨਿਯਮਾਂ ਦੀ ਘੋਰ ਉਲੰਘਣਾ ਕਰਕੇ ਕੀਤੀ ਜਾ ਰਹੀ ਵੱਡੇ ਪੱਧਰ ਦੀ ਵਪਾਰਕ ਲੁੱਟ ਸੀ। ਉਨ੍ਹਾਂ ਕਿਹਾ ਕਿ ਐੱਨ. ਜੀ. ਟੀ. ਨੇ ਪਹਿਲਾਂ ਹੀ ਇਸ ਦਾ ਪਰਦਾਫਾਸ਼ ਕਰ ਦਿੱਤਾ ਹੈ ਕਿ ਕਿਵੇਂ ਵਾਤਾਵਰਣ ਸੁਰੱਖਿਆ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਕੁਦਰਤੀ ਸਰੋਤਾਂ ਦਾ ਘਾਣ ਕੀਤਾ ਗਿਆ ਹੈ।

ਮੁੱਖ ਮੰਤਰੀ ਦਫ਼ਤਰ 'ਤੇ ਲਾਏ ਗੰਭੀਰ ਦੋਸ਼
ਬਾਜਵਾ ਨੇ ਸਿੱਧੇ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਉਂਦੇ ਕਿਹਾ ਕਿ ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਮੁੱਖ ਮੰਤਰੀ ਦਫ਼ਤਰ ਦੀ ਰਾਜਨੀਤਿਕ ਸਰਪ੍ਰਸਤੀ ਤੋਂ ਬਿਨਾਂ ਨਹੀਂ ਚੱਲ ਸਕਦੀ। ਉਨ੍ਹਾਂ ਸਰਕਾਰ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਮਾਫ਼ੀਆ ਨੂੰ ਮਿਲ ਰਹੀ ਇਹ ਰਾਜਨੀਤਿਕ ਪਨਾਹ ਸੂਬੇ ਦੇ ਵਾਤਾਵਰਣ ਲਈ ਘਾਤਕ ਸਿੱਧ ਹੋ ਰਹੀ ਹੈ।
ਵਾਤਾਵਰਣ ਦਾ ਹੋ ਰਿਹਾ ਨੁਕਸਾਨ
ਸਰੋਤਾਂ ਅਨੁਸਾਰ ਇਸ ਗੈਰ-ਕਾਨੂੰਨੀ ਗਤੀਵਿਧੀ ਕਾਰਨ ਸੂਬੇ ਦੇ ਵਾਤਾਵਰਣ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ। ਸ਼ਿਵਾਲਿਕ ਦੀਆਂ ਪਹਾੜੀਆਂ ਅਤੇ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਆਸ-ਪਾਸ ਹੋ ਰਹੀ ਅੰਨ੍ਹੇਵਾਹ ਮਾਈਨਿੰਗ ਕਾਰਨ ਜ਼ਮੀਨੀ ਪੱਧਰ 'ਤੇ ਕਈ ਵਾਤਾਵਰਣ ਸੰਬੰਧੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ, ਜਿਸ ਬਾਰੇ ਐੱਨ. ਜੀ. ਟੀ. ਨੇ ਵੀ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com