ਚੰਡੀਗੜ੍ਹ: ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਲੀਡਰ ਤੇ ਵਰਕਰ ਇਕੱਠੇ ਹੋਏ ਸਨ। ਉਨ੍ਹਾਂ ਨੂੰ ਰੋਕਣ ਦੇ ਲਈ ਪੁਲਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਤੇ ਫ਼ਿਰ ਉਨ੍ਹਾਂ ਨੂੰ ਰੋਕਣ ਦੇ ਲਈ ਪਾਣੀ ਦੀਆਂ ਬੁਛਾੜਾਂ ਦੀ ਵੀ ਵਰਤੋਂ ਕੀਤੀ ਗਈ। ਇਸ ਮਗਰੋਂ ਪੁਲਸ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਣੇ ਕਈ ਕਾਂਗਰਸੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਪੁਲਸ ਰਾਜਾ ਵੜਿੰਗ ਤੇ ਹੋਰ ਕਾਂਗਰਸੀਆਂ ਨੂੰ ਇਕ ਪੁਲਸ ਵਾਹਨ ਵਿਚ ਬਿਠਾ ਕੇ ਪ੍ਰਦਰਸ਼ਨ ਵਾਲੀ ਜਗ੍ਹਾ ਤੋਂ ਕਿਤੇ ਹੋਰ ਲੈ ਗਈ ਹੈ।
ਇਸ ਪ੍ਰਦਰਸ਼ਨ ਦੌਰਾਨ ਕਾਂਗਰਸੀਆਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਤੇ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਵਾਅਦੇ ਯਾਦ ਦਿਵਾਏ। ਦੂਜੇ ਪਾਸੇ ਵਿਧਾਨ ਸਭਾ ਵਿਚ ਵੀ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਤੇ ਹੋਰ ਕਾਂਗਰਸੀਆਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਸੈਸ਼ਨ 'ਚੋਂ ਵਾਕਆਊਟ ਕਰ ਦਿੱਤਾ ਗਿਆ। ਉਕਤ ਧਰਨੇ ਪ੍ਰਦਰਸ਼ਨ ਵਿਚ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਡਾ. ਅਮਰ ਸਿੰਘ, ਪ੍ਰਤਾਪ ਸਿੰਘ ਬਾਜਵਾ, ਪਰਗਟ ਸਿੰਘ, ਸੁਖਪਾਲ ਸਿੰਘ ਖਹਿਰਾ ਸਣੇ ਕਈ ਕਾਂਗਰਸੀ ਲੀਡਰਾਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
Credit : www.jagbani.com