ਸੁਖਬੀਰ ਬਾਦਲ ਦਾ ਵੱਡਾ ਖ਼ੁਲਾਸਾ, ਨਿਵੇਸ਼ ਦੇ ਅੰਕੜਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਬੋਲਿਆ ਝੂਠ

ਸੁਖਬੀਰ ਬਾਦਲ ਦਾ ਵੱਡਾ ਖ਼ੁਲਾਸਾ, ਨਿਵੇਸ਼ ਦੇ ਅੰਕੜਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਬੋਲਿਆ ਝੂਠ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਚ 2022 ਤੋਂ 2026 ਦਰਮਿਆਨ ਹੋਏ ਨਿਵੇਸ਼ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ‘ਇਨਵੈਸਟ ਪੰਜਾਬ’ ਸੰਮੇਲਨ ਦੇ ਨਾਂ ‘ਤੇ ਸੂਬੇ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਗਿਆ ਹੈ। ਖੁਲਾਸਾ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਆਰਟੀਆਈ ਸੈੱਲ ਦੇ ਮੁਖੀ, ਐਡਵੋਕੇਟ ਪਰਮਬੀਰ ਸਿੰਘ ਸੰਨੀ ਵੱਲੋਂ ‘ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰੋਮੋਸ਼ਨ’ ਵਿਭਾਗ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਨਿਵੇਸ਼ ਦੀ ਅਸਲੀਅਤ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਵਿਚ ਸਿਰਫ਼ 2,600 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਇਹ ਸਾਰਾ ਨਿਵੇਸ਼ ਇਕੱਲੀ ਟਾਟਾ ਸਟੀਲ ਕੰਪਨੀ ਵੱਲੋਂ ਲੁਧਿਆਣਾ ਵਿਚ ਕੀਤਾ ਗਿਆ ਹੈ।

ਮੁੱਖ ਮੰਤਰੀ ਤੋਂ ਮੰਗਿਆ ਸਪੱਸ਼ਟੀਕਰਨ 

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ 1.55 ਲੱਖ ਕਰੋੜ ਰੁਪਏ ਦੇ ਨਿਵੇਸ਼ ਦਾ ਜੋ ਦਾਅਵਾ ਕੀਤਾ ਸੀ, ਉਹ ਸਰਾਸਰ ਝੂਠਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਅਤੇ ਇਸ ਝੂਠ ਲਈ ਮੁਆਫੀ ਮੰਗਣੀ ਚਾਹੀਦੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਿੰਦੁਸਤਾਨ ਦੀ ਸਭ ਤੋਂ ਮਾੜੀ ਅਤੇ ਝੂਠੀ ਪਾਰਟੀ ਹੈ, ਜਿਨ੍ਹਾਂ ਨੇ ਝੂਠ ਬੋਲ ਕੇ ਸਰਕਾਰ ਤਾਂ ਬਣਾ ਲਈ ਪਰ ਵਾਅਦੇ ਪੂਰੇ ਨਹੀਂ ਕੀਤੇ। ਕਾਨੂੰਨ ਵਿਵਸਥਾ 'ਤੇ ਸਵਾਲ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਅੱਜ ਪੰਜਾਬ ਵਿਚ ਗੁੰਡਾਗਰਦੀ ਅਤੇ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ। ਅਰਵਿੰਦ ਕੇਜਰੀਵਾਲ ਖੁਦ ਖਾਲਿਸਤਾਨੀਆਂ ਦੇ ਦਫਤਰਾਂ ਵਿਚ ਜਾਂਦੇ ਰਹੇ ਹਨ ਅਤੇ ਉਨ੍ਹਾਂ ਦਾ ਮੁੱਖ ਮਕਸਦ ਸਿਰਫ ਸੱਤਾ ਹਾਸਲ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਖਿਲਾਫ ਬੋਲਣ ਵਾਲਿਆਂ ਵਿਰੁੱਧ ਪੁਲਸ ਕੇਸ (ਪਰਚੇ) ਦਰਜ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀ ਹੈ ਪਰ ਅਕਾਲੀ ਦਲ ਡਰਨ ਵਾਲਿਆਂ ਵਿਚੋਂ ਨਹੀਂ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS