ਜਲੰਧਰ,- ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਪਰਗਟ ਸਿੰਘ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਇਮਾਨਦਾਰ ਹੋਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੂੰ ਹੁਣ ਆਪਣਾ ਮੂੰਹ ਲੁਕਾਉਣ ਲਈ ਕੋਈ ਜਗ੍ਹਾ ਨਹੀਂ ਮਿਲ ਰਹੀ, ਜਦੋਂ ਉਸ ਦੇ ਆਪਣੇ ਸਰਪੰਚ ਅਤੇ ਨਸ਼ਾ ਛੁਡਾਊ ਕਮੇਟੀ ਦੇ ਮੈਂਬਰ ਕਰੋੜਾਂ ਰੁਪਏ ਦੀ ਹੈਰੋਇਨ ਸਮੱਗਲਿੰਗ ਕਰਦੇ ਫੜੇ ਜਾ ਰਹੇ ਹਨ, ਜਿਨ੍ਹਾਂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸੰਬੰਧ ਹੋਣ ਦਾ ਸ਼ੱਕ ਹੈ।
ਇਸ ਉੱਚ ਪੱਧਰੀ ਡਰੱਗ ਸਮੱਗਲਿੰਗ ਦੀ ਜਾਂਚ ਐੱਨ. ਸੀ. ਬੀ. ਜਾਂ ਸੀ. ਬੀ. ਆਈ. ਤੇ ਹਾਈ ਕੋਰਟ ਵਰਗੀ ਕੇਂਦਰੀ ਏਜੰਸੀ ਤੋਂ ਹੋਣੀ ਚਾਹੀਦੀ ਹੈ, ਤਾਂ ਜੋ ਇਸ ਵੱਡੇ ਡਰੱਗ ਰੈਕੇਟ ’ਚ ਸੀਨੀਅਰ ਅਤੇ ਜੂਨੀਅਰ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਮਿਲੀਭੁਗਤ ਅਤੇ ਸਰਪ੍ਰਸਤੀ ਦਾ ਪਰਦਾਫਾਸ਼ ਕੀਤਾ ਜਾ ਸਕੇ। ਨਸ਼ਿਆਂ ਤੋਂ ਕਮਾਏ ਪੈਸੇ ਦਾ ਨਿਵੇਸ਼ ਕਿੱਥੇ ਕੀਤਾ ਜਾ ਰਿਹਾ ਹੈ? ਕੀ ਇਸਨੂੰ ਚੋਣਾਂ ’ਚ ਪਾਰਟੀ ਫੰਡ ਵਜੋਂ ਵਰਤਿਆ ਜਾ ਰਿਹਾ ਹੈ? ਇਸ ਦਾ ਵੀ ਖੁਲਾਸਾ ਹੋਣਾ ਚਾਹੀਦਾ ਹੈ।
ਇੱਥੇ ਸਵਾਲ ਇਹ ਹੈ ਕਿ ਕੀ ਇੰਨਾ ਵੱਡਾ ਨਸ਼ਾ ਸਮੱਗਲਿੰਗ ਰੈਕੇਟ ਸਰਕਾਰ ਦੇ ਸਮਰਥਨ ਤੋਂ ਬਿਨਾਂ ਚਲਾਇਆ ਜਾ ਸਕਦਾ ਹੈ? ਭਗਵੰਤ ਮਾਨ ਸਰਕਾਰ ਇਸ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਮੁੱਖ ਮੰਤਰੀ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਕੀ ਇਹ ਉਨ੍ਹਾਂ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਹੈ। ਸਰਕਾਰ ਦੀ ਮੁਹਿੰਮ ਜਾਂਚ ਅਧੀਨ ਹੈ।
ਪਰਗਟ ਸਿੰਘ ਨੇ ਕਿਹਾ ਕਿ ਪਹਿਲਾਂ, ਆਮ ਆਦਮੀ ਪਾਰਟੀ ਦੇ ਸਰਪੰਚ ਅਤੇ ਨਸ਼ਾ ਛੁਡਾਊ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਤੋਂ 18 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਹੁਣ ਮਜੀਠਾ ਦੇ ਕੋਟ ਹਿਰਦੇ ਰਾਮ ਪਿੰਡ ’ਚ ਆਮ ਆਦਮੀ ਪਾਰਟੀ ਦੇ ਇਕ ਹੋਰ ਸਰਪੰਚ ਲਵਪ੍ਰੀਤ ਸਿੰਘ ਤੋਂ 4 ਕਿਲੋਗ੍ਰਾਮ 300 ਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ। ਸਰਪੰਚਾਂ ਤੋਂ ਇੰਨੀ ਵੱਡੀ ਮਾਤਰਾ ਵਿਚ ਹੈਰੋਇਨ ਦੀ ਬਰਾਮਦਗੀ ਪੁਲਸ ਪ੍ਰਣਾਲੀ ’ਤੇ ਵੀ ਸਵਾਲ ਖੜ੍ਹੇ ਕਰਦੀ ਹੈ। ਇਸ ਬਰਾਮਦਗੀ ਨੇ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਦੀ ਪੋਲ ਖੋਲ੍ਹ ਦਿੱਤੀ ਹੈ।
Credit : www.jagbani.com