ਬੰਦੀ ਸਿੰਘਾਂ ਦੀ ਰਿਹਾਈ 'ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ! ਨਿਆਂ ਪ੍ਰਣਾਲੀ 'ਤੇ ਚੁੱਕੇ ਸਵਾਲ

ਬੰਦੀ ਸਿੰਘਾਂ ਦੀ ਰਿਹਾਈ 'ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ! ਨਿਆਂ ਪ੍ਰਣਾਲੀ 'ਤੇ ਚੁੱਕੇ ਸਵਾਲ

ਜਲੰਧਰ/ਸ੍ਰੀ ਅਨੰਦਪੁਰ ਸਾਹਿਬ- ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਕੇਂਦਰ ਸਰਕਾਰ ਅਤੇ ਦੇਸ਼ ਦੀ ਨਿਆਂ ਪ੍ਰਣਾਲੀ ਦੇ ਰਵੱਈਏ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। 'ਜਗ ਬਾਣੀ' ਦੇ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਵਿਸ਼ੇਸ਼ ਇੰਟਰਵਿਊ ਦੌਰਾਨ ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਮਸਲੇ 'ਤੇ ਸਰਕਾਰ ਦੋਹਰੇ ਮਾਪਦੰਡ ਅਪਣਾ ਰਹੀ ਹੈ।

ਉਨ੍ਹਾਂ ਨੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਜਿੱਥੇ 'ਸੌਦਾ ਸਾਧ' ਵਰਗੇ ਵਿਅਕਤੀ ਨੂੰ ਹਰ 30-40 ਦਿਨਾਂ ਬਾਅਦ ਪੈਰੋਲ ਦਿੱਤੀ ਜਾ ਰਹੀ ਹੈ, ਉੱਥੇ ਹੀ ਭਾਈ ਜਗਤਾਰ ਸਿੰਘ ਹਵਾਰਾ ਵਰਗੇ ਬੰਦੀ ਸਿੰਘਾਂ ਨੂੰ ਆਪਣੀ ਬੀਮਾਰ ਮਾਤਾ ਨੂੰ ਮਿਲਣ ਲਈ ਆਰਜ਼ੀ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ। ਜਥੇਦਾਰ ਅਨੁਸਾਰ ਇਸ 'ਚ ਸਿੱਖਾਂ ਦਾ ਕੋਈ ਕਸੂਰ ਨਹੀਂ ਹੈ, ਸਗੋਂ ਇਹ ਸਰਕਾਰ ਅਤੇ ਨਿਆਂ ਵਿਵਸਥਾ ਦੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੈਦੀਆਂ ਨੂੰ ਉਨ੍ਹਾਂ ਦੇ ਬਣਦੇ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ।

ਕੁਲਦੀਪ ਸਿੰਘ ਗੜਗੱਜ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਵਾਰ-ਵਾਰ ਵਾਅਦੇ ਕਰਦੀ ਹੈ ਪਰ ਬਾਅਦ 'ਚ ਉਨ੍ਹਾਂ ਤੋਂ ਮੁੱਕਰ ਜਾਂਦੀ ਹੈ। ਉਨ੍ਹਾਂ ਇਹ ਵੀ ਖ਼ੁਲਾਸਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਕਮੇਟੀ ਬਣਾਈ ਗਈ ਸੀ ਅਤੇ ਸੰਗਤ ਦੇ ਦਸਤਖ਼ਤ ਕਰਵਾਏ ਗਏ ਸਨ ਪਰ ਦਿੱਲੀ ਦੇ ਕੁਝ ਨੁਮਾਇੰਦਿਆਂ ਨੇ ਅਜਿਹੀ ਨੀਤੀ ਬਣਾਈ ਕਿ ਉਹ ਦਸਤਖ਼ਤ ਅੱਜ ਤੱਕ ਦਿੱਲੀ ਜਮ੍ਹਾਂ ਹੀ ਨਹੀਂ ਹੋ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੀ ਸੱਤਾ 'ਤੇ ਕਾਬਜ਼ ਕਿਸੇ ਵੀ ਧਿਰ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਅਤੇ ਪੰਥ ਦੀਆਂ ਇਨ੍ਹਾਂ ਮੰਗਾਂ ਨੂੰ ਸਰਕਾਰ ਅੱਗੇ ਜ਼ੋਰਦਾਰ ਢੰਗ ਨਾਲ ਰੱਖੇ। ਉਨ੍ਹਾਂ ਅਨੁਸਾਰ ਸਿੱਖਾਂ ਦੀ ਆਪਣੀ ਖੇਤਰੀ ਰਾਜਸੀ ਧਿਰ ਹੀ ਇਨ੍ਹਾਂ ਮੁੱਦਿਆਂ ਦੀ ਸਹੀ ਤਰ੍ਹਾਂ ਪੈਰਵੀ ਕਰ ਸਕਦੀ ਹੈ। 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS