ਮੋਗਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਗੰਭੀਰ ਦੋਸ਼ ਲਗਾਉਂਦਿਆਂ ਸੂਬੇ ਦੀ ਸਿਆਸਤ ਵਿੱਚ ਨਵਾਂ ਭੂਚਾਲ ਲਿਆ ਦਿੱਤਾ ਹੈ। ਬਾਦਲ ਨੇ ਦਾਅਵਾ ਕੀਤਾ ਹੈ ਕਿ ਬਾਘਾਪੁਰਾਣਾ ਦੇ ਐੱਸ.ਡੀ.ਐੱਮ. ਬਬਨਦੀਪ ਸਿੰਘ ਵਾਲੀਆ ਨੂੰ ਮਾਨਸਿਕ ਤੌਰ 'ਤੇ ਬੁਰੀ ਤਰ੍ਹਾਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ।
ਸੁਖਬੀਰ ਬਾਦਲ ਨੇ ਆਪਣੀ ਐਕਸ ਪੋਸਟ ਵਿਚ ਕਿਹਾ ਕਿ ਜਦੋਂ ਅਸੀਂ ਸਾਰੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਐੱਸ. ਰੰਧਾਵਾ ਲਈ ਇਨਸਾਫ਼ ਪ੍ਰਾਪਤ ਕਰਨ ਲਈ ਲੜ ਰਹੇ ਹਾਂ-ਜਿਨ੍ਹਾਂ ਨੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੁੱਟਮਾਰ ਤੇ ਖਤਮ ਕਰਨ ਦੀ ਧਮਕੀ ਦੇਣ ਤੋਂ ਬਾਅਦ ਖੁਦਕੁਸ਼ੀ ਕਰ ਲਈ ਸੀ-ਬਾਘਾਪੁਰਾਣਾ ਦੇ ਐੱਸਡੀਐਮ ਬਬਨਦੀਪ ਸਿੰਘ ਵਾਲੀਆ ਨੂੰ ਬਹੁਤ ਜ਼ਿਆਦਾ ਮਾਨਸਿਕ ਪਰੇਸ਼ਾਨੀ ਅਤੇ ਤਸੀਹੇ ਦਿੱਤੇ ਜਾਣ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ।
ਉਨ੍ਹਾਂ ਕਿਹਾ ਕਿ ਮੋਗਾ ਦੇ ਡੀਸੀ ਸਾਗਰ ਸੇਤੀਆ ਅਤੇ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਐੱਸਡੀਐੱਮ ਨੂੰ ਬਾਘਾਪੁਰਾਣਾ ਬਲਾਕ ਸੰਮਤੀ ਦੇ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੇ ਦਫ਼ਤਰਾਂ ਲਈ ਆਮ ਆਦਮੀ ਪਾਰਟੀ ਉਮੀਦਵਾਰਾਂ ਨੂੰ ਜ਼ਬਰਦਸਤੀ ਚੁਣਨ ਦੀ ਧਮਕੀ ਦਿੱਤੀ ਜਾ ਰਹੀ ਹੈ। ਅਸੀਂ ਸਰਕਾਰੀ ਕਰਮਚਾਰੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਡਰਨ ਨਾ ਅਤੇ ਅਜਿਹੇ ਗੈਰ-ਕਾਨੂੰਨੀ ਹੁਕਮਾਂ ਦਾ ਸਖ਼ਤ ਵਿਰੋਧ ਕਰਨ। ਅਕਾਲੀ ਦਲ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਕੋਈ ਵੀ ਬੇਇਨਸਾਫ਼ੀ ਨਹੀਂ ਹੋਣ ਦੇਵੇਗਾ।
ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਇਕ ਸ਼ਿਕਾਇਤ ਦੀ ਕਾਪੀ ਵੀ ਸਾਂਝੀ ਕੀਤੀ ਹੈ ਜਿਸ ਵਿਚ ਬਾਘਾਪੁਰਾਣਾ ਪੰਚਾਇਤ ਸੰਮਤੀ ਦੇ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਚੋਣਾਂ ਦੇ ਸਬੰਧ 'ਚ ਸਾਗਰ ਸੇਤੀਆ, ਆਈਏਐੱਸ, ਡਿਪਟੀ ਕਮਿਸ਼ਨਰ, ਮੋਗਾ ਵੱਲੋਂ ਬਹੁਤ ਜ਼ਿਆਦਾ ਪਰੇਸ਼ਾਨੀ, ਮਾਨਸਿਕ ਪੀੜਾ ਅਤੇ ਤਸ਼ੱਦਦ ਦੀ ਗੱਲ ਕਹੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com