ਲੁਧਿਆਣਾ (ਵੈੱਬ ਡੈਸਕ): ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਅੱਜ ਲੋਕ ਸਭਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਲਾਲਜੀਤ ਭੁੱਲਰ ਮਾਮਲੇ ਵਿਚ ਸੀ. ਬੀ. ਆਈ. ਜਾਂਚ ਕਰਵਾਉਣ ਬਾਰੇ ਦਿੱਤੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਸ਼ੇਰ ਦੀ ਦਹਾੜ ਨਾਲ ਪੰਜਾਬ ਦਾ CM ਕੰਬ ਉੱਠਿਆ ਹੈ ਤੇ ਉਸ ਤੋਂ ਬਾਅਦ ਹੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਹੋਈ ਹੈ।
ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅੱਜ ਸੰਸਦ ਵਿਚ ਜਿਵੇਂ ਹੀ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਭੁੱਲਰ ਕੇਸ ਦੀ ਨਿਰਪੱਖ ਜਾਂਚ ਲਈ ਮਾਮਲਾ CBI ਨੂੰ ਦਿੱਤਾ ਜਾਵੇਗਾ ਤਾਂ ਪੰਜਾਬ ਸਰਕਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਬਿੱਟੂ ਨੇ ਕਿਹਾ ਕਿ ਸਰਕਾਰ ਨੇ ਆਪਣੀਆਂ ਕਾਲੀਆਂ ਕਰਤੂਤਾਂ ਦੇ ਪੰਨੇ ਖੁਲ੍ਹਣ ਦੇ ਡਰ ਨਾਲ ਘਬਰਾਹਟ ਵਿਚ ਆਪਣੇ ਹੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਤੁਰੰਤ ਗ੍ਰਿਫ਼ਤਾਰ ਕਰਵਾ ਦਿੱਤਾ।
ਕੇਂਦਰੀ ਰਾਜ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਹਾ ਕਿ ਉਹ ਇਹ ਗੱਲ ਯਾਦ ਰੱਖਣ ਕਿ ਜੇ ਗਗਨਦੀਪ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ, ਤਾਂ ਕੇਂਦਰ ਸਰਕਾਰ ਫਿਰ ਮੈਦਾਨ ਵਿਚ ਉਤਰ ਕੇ ਕੇਸ ਆਪਣੇ ਹੱਥ ਵਿਚ ਲਵੇਗੀ। ਉਨ੍ਹਾਂ ਅਖ਼ੀਰ ਵਿਚ ਕਿਹਾ ਕਿ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ। ਇੱਥੇ ਜ਼ਿਕਰਯੋਗ ਹੈ ਕਿ ਅੱਜ ਲੋਕ ਸਭਾ ਵਿਚ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੀ ਨਿਰਪੱਖ ਜਾਂਚ ਦਾ ਮੁੱਦਾ ਚੁੱਕੇ ਜਾਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸੀ ਕਿ ਇਹ ਪੰਜਾਬ ਦਾ ਮੁੱਦਾ ਹੈ, ਪਰ ਜੇਕਰ ਪੰਜਾਬ ਦੇ ਸਾਰੇ ਸੰਸਦ ਮੈਂਬਰ ਇਸ ਮਾਮਲੇ ਦੀ CBI ਜਾਂਚ ਕਰਵਾਉਣ ਲਈ ਲਿਖਤੀ ਤੌਰ 'ਤੇ ਦੇਣਗੇ ਤਾਂ ਉਹ ਤੁਰੰਤ ਕੇਸ ਨੂੰ ਸੀ. ਬੀ. ਆਈ. ਨੂੰ ਸੌਂਪ ਦੇਣਗੇ।
Credit : www.jagbani.com