ਜੈਤੋ : ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1795 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ ਦੂਤਾਵਾਸ ਵੱਲੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 32 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ।
ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਉਪਰੰਤ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ। ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਜਿਨ੍ਹਾਂ ਦੇ ਵੀਜ਼ੇ ਲੱਗੇ ਹਨ ਉਹ ਆਪਣੇ ਪਾਸਪੋਰਟ 9 ਅਪ੍ਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ ਉਨ੍ਹਾਂ ਦਾ ਸੀਰੀਅਲ ਨੰਬਰ 144, 146, 161, 163, 201, 225, 245, 250, 251, 252, 304, 370, 413, 441, 509, 510, 524, 645, 652, 679, 680, 895, 1026, 1027, 1038, 1087, 1276, 1277, 1510, 1547, 1785 ਤੇ 1786 ਸ਼ਾਮਲ ਹਨ।
Credit : www.jagbani.com