ਮੋਗਾ : ਪੰਜਾਬ ਭਰ ਵਿਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਮਾਮਲੇ ਦਰਮਿਆਨ ਮੋਗਾ ਵਿਚ ਵੀ ਅਜਿਹਾ ਹੀ ਇਕ ਸੰਵੇਦਨਸ਼ੀਲ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅੱਜ ਮੋਗਾ ਦੇ ਤਿੰਨ ਨਿੱਜੀ ਸਕੂਲਾਂ ਨੂੰ ਧਮਕੀ ਭਰੀ ਈਮੇਲ ਪ੍ਰਾਪਤ ਹੋਈ, ਜਿਸ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ। ਇਨ੍ਹਾਂ ਵਿਚ ਪਿੰਡ ਮਹਿਮੇ ਵਾਲਾ ਨੇੜੇ ਸਥਿਤ ਨਰਾਇਣਾ ਸਕੂਲ ਸਮੇਤ ਹੋਰ ਦੋ ਪ੍ਰਾਈਵੇਟ ਸਕੂਲ ਸ਼ਾਮਲ ਹਨ। ਈਮੇਲ ਵਿਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਜਿਵੇਂ ਹੀ ਸਕੂਲ ਪ੍ਰਬੰਧਕਾਂ ਨੂੰ ਇਹ ਜਾਣਕਾਰੀ ਮਿਲੀ, ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ।
ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਤੁਰੰਤ ਸਕੂਲ ਖਾਲੀ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ। ਇਸ ਦੇ ਨਾਲ ਹੀ ਮਾਪਿਆਂ ਨੂੰ ਫੋਨ ਕਰਕੇ ਸੂਚਿਤ ਕੀਤਾ ਗਿਆ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਤੋਂ ਲੈ ਜਾਣ। ਸੂਚਨਾ ਮਿਲਣ ’ਤੇ ਪੁਲਸ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ ਅਤੇ ਸਕੂਲਾਂ ਦੀ ਪੂਰੀ ਤਲਾਸ਼ੀ ਲਈ ਗਈ। ਫਿਲਹਾਲ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਨਹੀਂ ਮਿਲੀ ਪਰ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਮੋਗਾ ਦੇ ਹੋਰ ਸਕੂਲਾਂ ਵਿਚ ਵੀ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨਾਂ ਵਿਚ ਮੋਗਾ ਦੇ ਕੁਝ ਸਰਕਾਰੀ ਸਕੂਲਾਂ ਨੂੰ ਵੀ ਇਸ ਤਰ੍ਹਾਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ, ਜਿਸ ਨਾਲ ਪ੍ਰਸ਼ਾਸਨ ਲਈ ਚੁਣੌਤੀ ਵੱਧ ਗਈ ਹੈ।
Credit : www.jagbani.com