ਜਲੰਧਰ- ਜਲੰਧਰ ਵਿਖੇ ਕੇਂਦਰੀ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ 'ਤੇ ਤਿੱਖੇ ਨਿਸ਼ਾਨੇ ਸਾਧੇ। ਮਨੋਹਰ ਲਾਲ ਖੱਟੜ ਨੇ ਕਿਹਾ ਕਿ ਦੇਸ਼ ਦੀ ਅੱਧੀ ਆਬਾਦੀ ਅਤੇ ਔਰਤਾਂ ਨਾਲ ਅਨਿਆਂ ਹੋ ਰਿਹਾ ਹੈ। ਕਾਂਗਰਸ ਸਰਕਾਰ ਨੇ ਕਦੇ ਵੀ ਮਹਿਲਾ ਰਾਖਵੇਂਕਰਨ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਹਮੇਸ਼ਾ ਇਸ 'ਚ ਅੜਿੱਕੇ ਡਾਹੇ ਹਨ।
ਖੱਟੜ ਨੇ ਇਤਿਹਾਸ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ 1971-74 ਦੌਰਾਨ ਵੀ ਔਰਤਾਂ ਨੂੰ ਰਾਖਵਾਂਕਰਨ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਵਿਰੋਧੀ ਪਾਰਟੀਆਂ ਨੇ ਇਸ ਨੂੰ ਸਿਰੇ ਨਹੀਂ ਚੜ੍ਹਨ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 2023 'ਚ 128ਵੀਂ ਸੰਵਿਧਾਨਕ ਸੋਧ ਵਜੋਂ ਮਹਿਲਾ ਰਾਖਵਾਂਕਰਨ ਬਿੱਲ ਲਿਆਂਦਾ ਗਿਆ ਸੀ, ਜਿਸ ਨੂੰ ਸਰਕਾਰ 2029 ਤੋਂ ਪਹਿਲਾਂ ਲਾਗੂ ਕਰਨ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਾਂਗਰਸ 'ਤੇ ਦੋਸ਼ ਲਾਇਆ ਕਿ ਉਹ ਇਸ ਬਿੱਲ 'ਤੇ ਰਾਜਨੀਤੀ ਕਰ ਰਹੀ ਹੈ ਅਤੇ ਇਸ ਦਾ ਨਤੀਜਾ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਔਰਤਾਂ ਦੇ ਗੁੱਸੇ ਦੇ ਰੂਪ ਵਿੱਚ ਭੁਗਤਣਾ ਪਵੇਗਾ।
ਇਸ ਮੌਕੇ ਕੇਂਦਰੀ ਮੰਤਰੀ ਬੇਬੀ ਰਾਣੀ ਮੌਰਿਆ ਨੇ ਵੀ ਵਿਰੋਧੀ ਪਾਰਟੀਆਂ 'ਤੇ ਹਮਲਾ ਬੋਲਦਿਆਂ ਕਿਹਾ ਕਿ ਔਰਤਾਂ ਆਪਣਾ ਅਪਮਾਨ ਸਹਿਣ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਜਦੋਂ ਸੰਸਦ 'ਚ ਇਹ ਬਿੱਲ ਪੇਸ਼ ਹੋਇਆ ਤਾਂ ਵਿਰੋਧੀ ਪਾਰਟੀਆਂ ਨੇ ਮਿਲ ਕੇ ਇਸ ਨੂੰ ਡੇਗ ਦਿੱਤਾ, ਜੋਕਿ ਦੇਸ਼ ਦੀਆਂ ਔਰਤਾਂ ਦਾ ਵੱਡਾ ਅਪਮਾਨ ਹੈ। ਮੌਰਿਆ ਨੇ ਵਿਰੋਧੀ ਪਾਰਟੀਆਂ ਨੂੰ 'ਪਰਿਵਾਰਵਾਦੀ ਪਾਰਟੀਆਂ' ਕਰਾਰ ਦਿੱਤਾ ਅਤੇ ਕਿਹਾ ਕਿ ਮੋਦੀ ਸਰਕਾਰ ਨੇ ਉੱਜਵਲਾ ਯੋਜਨਾ ਅਤੇ ਪਖਾਨਿਆਂ ਵਰਗੀਆਂ ਸਹੂਲਤਾਂ ਰਾਹੀਂ ਔਰਤਾਂ ਦਾ ਜੀਵਨ ਪਹਿਲਾਂ ਹੀ ਸੁਖਾਲਾ ਬਣਾਇਆ ਹੈ। ਖੱਟੜ ਨੇ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਇਸ ਮੁੱਦੇ ਦਾ ਕੋਈ ਸਿਹਰਾ ਨਹੀਂ ਲੈਣਾ ਚਾਹੁੰਦੇ, ਸਗੋਂ ਉਹ ਚਾਹੁੰਦੇ ਹਨ ਕਿ ਔਰਤਾਂ ਨੂੰ ਰਾਜਨੀਤੀ 'ਚ 33 ਫ਼ੀਸਦੀ ਰਾਖਵਾਂਕਰਨ ਮਿਲੇ ਤਾਂ ਜੋ ਉਹ ਰਾਸ਼ਟਰੀ ਰਾਜਨੀਤੀ 'ਚ ਆਪਣਾ ਯੋਗਦਾਨ ਪਾ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com