ਮੋਗਾ ਵਿਚ ਚੋਣਾਂ ਦੌਰਾਨ ਹੰਗਾਮਾ, ਮਾਮੂਲੀ ਬਹਿਸ ਤੋਂ ਬਾਅਦ ਹੋਈ ਝੜਪ

ਮੋਗਾ ਵਿਚ ਚੋਣਾਂ ਦੌਰਾਨ ਹੰਗਾਮਾ, ਮਾਮੂਲੀ ਬਹਿਸ ਤੋਂ ਬਾਅਦ ਹੋਈ ਝੜਪ

ਮੋਗਾ : ਨਗਰ-ਨਿਗਮ ਚੋਣਾਂ ਨੂੰ ਲੈ ਕੇ ਮੋਗਾ ਸ਼ਹਿਰ ਵਿਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਦੌਰਾਨ ਵਾਰਡ ਨੰਬਰ 41 ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਸਮਰਥਕ ਆਹਮੋ-ਸਾਹਮਣੇ ਹੋ ਗਏ, ਜਿਸ ਕਾਰਨ ਮੌਕੇ ’ਤੇ ਤਣਾਅ ਵਾਲੀ ਸਥਿਤੀ ਬਣ ਗਈ। ਜਾਣਕਾਰੀ ਅਨੁਸਾਰ ਬੂਥ ਦੇ ਬਾਹਰ ਖੜ੍ਹੇ ਹੋਣ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਪਹਿਲਾਂ ਮਾਮੂਲੀ ਬਹਿਸਬਾਜ਼ੀ ਹੋਈ, ਜੋ ਕੁਝ ਸਮੇਂ ਬਾਅਦ ਝੜਪ ਵਿਚ ਤਬਦੀਲ ਹੋ ਗਈ।

ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਇਸ ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਐੱਸਪੀ ਬਾਲਕਿਸ਼ਨ ਸਿੰਘਲਾ ਪੁਲਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪਹੁੰਚੇ। ਪੁਲਸ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਉਂਦੇ ਹੋਏ ਸਥਿਤੀ ਨੂੰ ਕਾਬੂ ਵਿਚ ਕੀਤਾ ਅਤੇ ਬੂਥ ਦੇ ਆਲੇ-ਦੁਆਲੇ ਇਕੱਠੇ ਹੋਏ ਲੋਕਾਂ ਨੂੰ ਉਥੋਂ ਹਟਾਇਆ। ਪੁਲਸ ਵੱਲੋਂ ਦੋਵਾਂ ਪਾਰਟੀਆਂ ਦੇ ਸਮਰਥਕਾਂ ਨੂੰ ਵੀ ਬੂਥ ਤੋਂ ਦੂਰ ਕਰ ਦਿੱਤਾ ਗਿਆ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਦੱਸਣਯੋਗ ਹੈ ਕਿ ਵਾਰਡ ਨੰਬਰ 41 ਤੋਂ ਕਾਂਗਰਸ ਪਾਰਟੀ ਵੱਲੋਂ ਕੁਨਾਲ ਸ਼ਰਮਾ ਚੋਣ ਮੈਦਾਨ ਵਿਚ ਹਨ, ਜਦਕਿ ਆਮ ਆਦਮੀ ਪਾਰਟੀ ਵੱਲੋਂ ਗੌਰਵ ਗਰਗ ਉਮੀਦਵਾਰ ਹਨ। ਚੋਣਾਂ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਸਮਰਥਕਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੂਰੇ ਇਲਾਕੇ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

Credit : www.jagbani.com

  • TODAY TOP NEWS