ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਕੇਸਰੀ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਦੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਪ੍ਰੈੱਸ ਦੀ ਆਜ਼ਾਦੀ ਨੂੰ ਬਦਾਉਣ ਦੀਆਂ ਬੇਤੁਕੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਕੇਸਰੀ ਵਿਰੁੱਧ ਗੈਰ-ਕਾਨੂੰਨੀ ਛਾਪੇਮਾਰੀ, ਇਸ਼ਤਿਹਾਰਾਂ 'ਤੇ ਪਾਬੰਦੀ ਅਤੇ ਝੂਠੇ ਬਿਰਤਾਂਤ ਸਿਰਜਣਾ ਆਮ ਆਦਮੀ ਪਾਰਟੀ ਤੇ ਭਗਵੰਤ ਮਾਨ ਦੀ ਸਰਕਾਰ ਦੇ ਸੱਚ ਤੋਂ ਡਰ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਮੀਡੀਆ ਦੀ ਆਜ਼ਾਦੀ ਦੀਆਂ ਅਜਿਹੀਆਂ ਕੋਝੀਆਂ ਕੋਸ਼ਿਸ਼ਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਇਹ ਕੋਸ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ, ਪੰਜਾਬੀ ਇਨ੍ਹਾਂ ਝੂਠਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ।
ਸੁਖਬੀਰ ਸਿੰਘ ਬਾਦਲ ਨੇ ਟਵੀਟ ਕੀਤਾ, "ਮੈਂ ਪ੍ਰੈੱਸ ਦੀ ਆਜ਼ਾਦੀ ਨੂੰ ਦਬਾਉਣ ਦੀਆਂ ਬੇਤੁੱਕੀਆਂ ਕੋਸ਼ਿਸ਼ਾਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਨਿਖੇਧੀ ਕਰਦਾ ਹਾਂ। ਪੰਜਾਬ ਕੇਸਰੀ ਸਮੂਹ ਵਿਰੁੱਧ ਗੈਰ-ਕਾਨੂੰਨੀ ਛਾਪੇ, ਇਸ਼ਤਿਹਾਰਾਂ 'ਤੇ ਪਾਬੰਦੀਆਂ ਅਤੇ ਝੂਠੇ ਬਿਰਤਾਂਤ ਸਿਰਜਨਾ ਸਿਰਫ਼ ਸੱਚਾਈ ਪ੍ਰਤੀ ਤੁਹਾਡੇ ਡਰ ਨੂੰ ਹੀ ਉਜਾਗਰ ਕਰਦੇ ਹਨ। ਮੈਂ ਤੁਹਾਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ: ਇਹ ਸਭ ਕੰਮ ਨਹੀਂ ਕਰੇਗਾ— ਪੰਜਾਬੀ ਝੂਠ ਨੂੰ ਸਹੀ ਢੰਗ ਨਾਲ ਸਮਝਦੇ ਹਨ।"
Credit : www.jagbani.com