ਜਲੰਧਰ/ਚੰਡੀਗੜ੍ਹ- ਆਲ ਇੰਡੀਆ ਕਾਂਗਰਸ ਕਮੇਟੀ ਦੇ ਐੱਸ. ਸੀ. ਸੈੱਲ ਦੇ ਚੇਅਰਮੈਨ ਰਾਜਿੰਦਰ ਪਾਲ ਗੌਤਮ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ, ਜਿੱਥੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜਾ ਵੜਿੰਗ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੌਤਮ ਨੇ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਇਕ-ਇਕ ਪਿੰਡ ਤੱਕ ਜਾ ਕੇ ਸੰਵਿਧਾਨ ਦਾ ਪਾਠ ਸ਼ੁਰੂ ਕਰੇਗੀ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਆਮ ਆਦਮੀ ਪਾਰਟੀ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ 'ਆਪ' ਦੇ ਵਸ 'ਚ ਸਰਕਾਰ ਚਲਾਉਣਾ ਨਹੀਂ ਹੈ। ਪੰਜਾਬ ਵਿਚ ਭਗਵੰਤ ਮਾਨ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।
ਰਾਜਿੰਦਰ ਪਾਲ ਗੌਤਮ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ਨੇ ਗ਼ਰੀਬਾਂ ਅਤੇ ਦਲਿਤਾਂ ਕੋਲੋਂ ਉਹ ਹੱਕ ਖੋਹ ਲਏ ਹਨ ਜੋ ਸੰਵਿਧਾਨ ਨੇ ਉਨ੍ਹਾਂ ਨੂੰ ਦਿੱਤੇ ਸਨ। ਉਨ੍ਹਾਂ ਯਾਦ ਕਰਵਾਇਆ ਕਿ ਡਾ. ਬਾਬਾ ਸਾਹਿਬ ਅੰਬੇਡਕਰ ਦੇ ਵਿਜ਼ਨ ਨੂੰ ਕਾਂਗਰਸ ਨੇ ਹੀ ਇਮਾਨਦਾਰੀ ਨਾਲ ਲਾਗੂ ਕੀਤਾ, ਜਿਸ ਸਦਕਾ ਬੈਂਕਾਂ ਦਾ ਰਾਸ਼ਟਰੀਕਰਨ ਹੋਇਆ ਅਤੇ ਕਰੋੜਾਂ ਦਲਿਤਾਂ ਅਤੇ ਆਦਿਵਾਸੀਆਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਉਹ ਪਾਰਟੀ ਹੈ, ਜਿਸ ਨੇ ਦੇਸ਼ ਨੂੰ ਪਹਿਲਾ ਦਲਿਤ ਮੁੱਖ ਮੰਤਰੀ ਦਿੱਤਾ ਅਤੇ ਹੁਣ ਤੱਕ ਪੰਜ ਦਲਿਤ ਮੁੱਖ ਮੰਤਰੀ ਬਣਾਏ ਹਨ।
ਭਗਵੰਤ ਮਾਨ ਦੀ ਸਰਕਾਰ ਪੂਰੀ ਤਰ੍ਹਾਂ ਹੋਈ ਫੇਲ੍ਹ
ਗੌਤਮ ਨੇ ਆਮ ਆਦਮੀ ਪਾਰਟੀ 'ਤੇ ਧੋਖੇਬਾਜ਼ੀ ਦਾ ਦੋਸ਼ ਲਾਉਂਦੇ ਕਿਹਾ ਕਿ 2017 ਵਿਚ ਉਨ੍ਹਾਂ ਨੇ ਡਿਪਟੀ ਸੀ. ਐੱਮ. ਬਣਾਉਣ ਦਾ ਵਾਅਦਾ ਕੀਤਾ ਸੀ, ਜੋ ਅੱਜ ਤੱਕ ਪੂਰਾ ਨਹੀਂ ਹੋਇਆ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਵਿੱਚ 38 ਤੋਂ 40 ਫ਼ੀਸਦੀ ਦਲਿਤ ਆਬਾਦੀ ਹੋਣ ਦੇ ਬਾਵਜੂਦ ਰਾਜ ਸਭਾ ਲਈ ਭੇਜੇ ਗਏ ਸੱਤ ਮੈਂਬਰਾਂ ਵਿੱਚੋਂ ਇਕ ਵੀ ਦਲਿਤ ਜਾਂ ਪੱਛੜੀ ਸ਼੍ਰੇਣੀ ਦਾ ਕਿਉਂ ਨਹੀਂ ਸੀ? ਉਨ੍ਹਾਂ ਕਿਹਾ ਕਿ 'ਆਪ' ਵਸ 'ਚ ਸਰਕਾਰ ਚਲਾਉਣਾ ਨਹੀਂ ਹੈ। ਲੋਕਾਂ ਨੂੰ ਬੇਵਕੂਫ਼ ਨਾਲ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣੀ। ਭਗਵੰਤ ਮਾਨ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਇਹ ਸਰਕਾਰ ਸਿਰਫ਼ ਮਾਰਕੀਟਿੰਗ ਕਰ ਸਕਦੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੀ ਜਨਤਾ ਅੱਜ ਪਰੇਸ਼ਾਨ ਹੈ ਅਤੇ ਇਸ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਦੇਵੇਗੀ।
ਪੰਜਾਬ 'ਚ ਭ੍ਰਿਸ਼ਟਾਚਾਰ ਅਤੇ ਸਕੀਮਾਂ ਦੀ ਮਾੜੀ ਹਾਲਤ
ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਅੱਜ ਭ੍ਰਿਸ਼ਟਾਚਾਰ ਸਿਖਰਾਂ 'ਤੇ ਹੈ ਅਤੇ ਸ਼ਡਿਊਲਡ ਕਾਸਟ ਕਮਿਸ਼ਨ ਨੂੰ ਪੂਰੀ ਤਰ੍ਹਾਂ ਕਮਜ਼ੋਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼ਗਨ ਸਕੀਮ ਦੇ 51,000 ਰੁਪਏ ਲੈਣ ਲਈ ਲੋਕਾਂ ਨੂੰ ਦੋ-ਦੋ ਸਾਲ ਇੰਤਜ਼ਾਰ ਕਰਨਾ ਪੈਂਦਾ ਹੈ ਅਤੇ ਐੱਸ. ਸੀ. ਸਕਾਲਰਸ਼ਿਪ ਨਾ ਮਿਲਣ ਕਾਰਨ ਦਲਿਤ ਵਿਦਿਆਰਥੀ ਆਪਣੀ ਪੜ੍ਹਾਈ ਅੱਧ ਵਿਚਾਲੇ ਛੱਡਣ ਲਈ ਮਜਬੂਰ ਹਨ। ਉਨ੍ਹਾਂ ਦਿੱਲੀ ਦੇ 'ਸ਼ੀਸ਼ ਮਹਿਲ' ਵਾਂਗ ਪੰਜਾਬ ਵਿੱਚ ਵੀ ਜਨਤਾ ਦੇ ਪੈਸੇ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਪਾਰਲੀਮੈਂਟ ਅਮਰ ਸਿੰਘ, ਅਰੁਣਾ ਚੌਧਰੀ, ਰਾਜ ਕੁਮਾਰ ਵੇਰਕਾ ਅਤੇ ਹੋਰ ਕਈ ਉੱਘੇ ਕਾਂਗਰਸੀ ਆਗੂ ਮੌਜੂਦ ਸਨ। ਗੌਤਮ ਨੇ ਭਰੋਸਾ ਜਤਾਇਆ ਕਿ ਪੰਜਾਬ ਦੀ ਜਨਤਾ ਆਉਣ ਵਾਲੇ ਸਮੇਂ ਵਿੱਚ ਇਸ "ਧੋਖੇਬਾਜ਼" ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com